ਫਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ‘ਚ ਲੱਖਾਂ ਦੀ ਗਿਣਤੀ ਸੰਗਤ ਪੁੱਜੀ ਅਤੇ ਨਤਮਸਤਕ ਹੋਈ। ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸੰਪੰਨ ਹੋਈ। ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਪੁੱਜੇ ਹੋਏ ਸਨ ਅਤੇ ਮੱਥਾ ਟੇਕ ਕੇ ਅਰਦਾਸ ਕੀਤੀ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ, ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ‘ਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰ ਸਕੇ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟਪਾਊ ਤਾਕਤਾਂ ਤੋਂ ਸੁਚੇਤ ਰਹਿਣ ਸਮੇਤ ਪੰਜਾਬ ਦਾ ਪਾਣੀ ਅਤੇ ਦਿਮਾਗ ‘ਡਰੇਨ’ ਹੋਣ ਤੋਂ ਰੋਕਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਿਹਾੜਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਦਿਵਸ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਪੰਥ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਸੰਤ ਹਰੀ ਸਿੰਘ ਰੰਧਾਵੇ ਵਾਲੇ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਬਾਬਾ ਲਖਵੀਰ ਸਿੰਘ ਰਤਵਾੜਾ, ਬਾਬਾ ਹਰਦੇਵ ਸਿੰਘ ਲੰਗਰਾਂ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਰੁਪਿੰਦਰ ਸਿੰਘ ਹੈਪੀ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਕਰਨੈਲ ਸਿੰਘ ਪੰਜੋਲੀ ਆਦਿ ਹਾਜ਼ਰ ਸਨ।