ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦਿਆਂ ਇਸ ਨੂੰ ਰਿਲੀਜ਼ ਕਰਨ ਦੀ ਤਾਰੀਖ਼ ਤੇ ਸਮੇਂ ਬਾਰੇ ਦੱਸਿਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸ.ਵਾਈ.ਐੱਲ’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ‘ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵੱਲੋਂ ਰਿਕਾਰਡ ਕੀਤਾ ਗਿਆ ‘ਵਾਰ’ ਦੂਜਾ ਗੀਤ ਹੈ, ਜੋ ਰਿਲੀਜ਼ ਕੀਤਾ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਜਲਦ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐੱਫ.ਆਈ.ਆਰ. ਵਾਪਸ ਲੈ ਕੇ ਦੇਸ਼ ਛੱਡ ਦੇਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਰਾਹੀਂ ਆਉਣ ਵਾਲੇ ਕਈ ਸਾਲਾਂ ਤੱਕ ਜਿਊਂਦਾ ਰੱਖਣ ਦੀ ਕੋਸ਼ਿਸ਼ ਕਰੇਗਾ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜ ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਲੋਕ ਆਪਣੇ ਚਹੇਤੇ ਸਟਾਰ ਹਾਲੇ ਵੀ ਆਪਣੇ ਦਿਲੋਂ ਕੱਢ ਨਹੀਂ ਸਕੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਕਾਤਲ ਹਾਲੇ ਵੀ ਕਾਨੂੰਨ ਦੇ ਸ਼ਿਕੰਜੇ ਤੋਂ ਬਾਹਰ ਹਨ। ਇਹ ਸਭ ਵੇਖਦਿਆਂ ਸਿੱਧੂ ਮੂਸੇਵਾਲਾ ਦੇ ਫ਼ੈਨਜ਼ ‘ਚ ਭਾਰੀ ਰੋਸ ਹੈ। ਹੁਣ 13 ਨਵੰਬਰ ਨੂੰ ਮੂਸੇਵਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਉਣ ਲਈ ਆਸਟਰੇਲੀਆ ‘ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨਾ ਪ੍ਰਦਰਸ਼ਨ ‘ਚ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਸ ਧਰਨਾ ਪ੍ਰਦਰਸ਼ਨ ਦੀ ਇਕ ਸ਼ਰਤ ਵੀ ਰੱਖੀ ਗਈ ਹੈ ਕਿ ਮੂਸੇਵਾਲਾ ਦੇ ਫ਼ੈਨਜ਼ ਦੀਆਂ ਸ਼ਰਟਾਂ ਉੱਤੇ ‘ਜਸਟਿਸ ਫਾਰ ਸਿੱਧੂ ਮੂਸੇਵਾਲਾ’ ਲਿਖਿਆ ਹੋਣਾ ਜ਼ਰੂਰੀ ਹੈ। ਸੋਸ਼ਲ ਮੀਡੀਆ ‘ਤੇ ਧਰਨਾ ਪ੍ਰਦਰਸ਼ਨ ਦਾ ਪੋਸਟਰ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ‘ਤੇ ਲਿਖਿਆ ਹੋਇਆ ਹੈ ਕਿ 13 ਨਵੰਬਰ ਨੂੰ ਆਸਟਰੇਲੀਆ ਦੇ ਮੇਲਬੋਰਨ ‘ਚ ਮੇਲਬੋਰਨ ਕ੍ਰਿਕਟ ਗਰਾਊਂਡ ਵਿਖੇ ਸ਼ਾਮੀਂ 5 ਵਜੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।