ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਲਕੌਰ ਸਿੰਘ ਸਿੱਧੂ ਨੂੰ ਈਮੇਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਜਿਨ੍ਹਾਂ ਖ਼ਿਲਾਫ਼ ਪੁਲੀਸ ਨੇ ਤੁਰੰਤ ਐਕਸ਼ਨ ਲਿਆ। ਤਾਜ਼ਾ ਖ਼ਬਰ ਹੈ ਕਿ ਪੁਲੀਸ ਨੇ ਧਮਕੀ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬਲਕੌਰ ਸਿੱਧੂ ਆਪਣੀ ਪਤਨੀ ਚਰਨ ਕੌਰ ਨਾਲ ਕੁਝ ਦਿਨ ਲਈ ਵਿਦੇਸ਼ ਗਏ ਸਨ। ਵਿਦੇਸ਼ ਤੋਂ ਵਾਪਸ ਆ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਧਮਕੀਆਂ ਆਉਣ ਦੀ ਸ਼ਿਕਾਇਤ ਦਿੱਤੀ ਸੀ ਅਤੇ ਮਾਨਸਾ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੋਂ ਧਮਕੀਆਂ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕੀਤੀ ਸੀ। ਧਮਕੀ ਦੇਣ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਸੀ। ਪੁਲੀਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਲਦ ਹੀ ਇਨ੍ਹਾਂ ਬਾਰੇ ਖੁਲਾਸਾ ਕੀਤਾ ਜਾ ਸਕਦਾ ਹੈ।