ਪਿਛਲੇ ਸਾਲ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 19 ਮਾਰਚ 2023 ਨੂੰ ਆਪਣੇ ਬੇਟੇ ਦੀ ਬਰਸੀ ਦਾ ਐਲਾਨ ਕੀਤਾ ਹੈ। ਇਹ ਬਰਸੀ ਮਾਨਸਾ ਵਿਖੇ ਇਕ ਸਮਾਗਮ ਦੌਰਾਨ ਮਨਾਈ ਜਾਵੇਗੀ ਜਿਸ ‘ਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠ ਅਤੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਮਾਰਚ ‘ਚ ਹੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਨੂੰ ਦਸ ਮਹੀਨੇ ਬੀਤੇ ਚੁੱਕੇ ਹਨ ਪਰ ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਪੁਲੀਸ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚ ਚੁੱਕੀ ਹੈ ਪਰ ਇਸ ਸਾਜ਼ਿਸ਼ ਪਿੱਛੇ ਕੌਣ ਸੀ ਇਸ ਬਾਰੇ ਨਾ ਤਾਂ ਸਰਕਾਰ ਅਤੇ ਨਾ ਹੀ ਪੁਲੀਸ ਉਨ੍ਹਾਂ ਦੀ ਗੱਲ ਸੁਣ ਰਹੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ 9 ਮਹੀਨਿਆਂ ‘ਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 32 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਜਦੋਂ ਕਿ ਪਿਛਲੇ ਦਿਨੀਂ ਜੇਲ੍ਹ ‘ਚ ਦੋ ਦਾ ਕਤਲ ਹੋ ਗਿਆ ਸੀ ਅਤੇ ਉਸ ਤੋਂ ਪਹਿਲਾਂ ਦੋ ਜਣੇ ਅੰਮ੍ਰਿਤਸਰ ਜ਼ਿਲ੍ਹੇ ‘ਚ ਪੁਲੀਸ ਮੁਕਾਬਲੇ ‘ਚ ਮਾਰੇ ਗਏ ਸਨ।