ਪਿਛਲੇ ਸਾਲ ਗੋਲੀਆਂ ਮਾਰ ਕੇ ਕਤਲ ਕੀਤੇ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਚਾਰ ਕਰਨਗੇ। ਉਨ੍ਹਾਂ ਆਮ ਲੋਕਾਂ ਨੂੰ ਇਸ ਜ਼ਿਮਨੀ ਚੋਣ ‘ਚ ‘ਆਪ’ ਖ਼ਿਲਾਫ਼ ਭੁਗਤਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੂੰ ਸੰਗਰੂਰ ਦੀ ਜ਼ਿਮਨੀ ਚੋਣ ਤੋਂ ਬਾਅਦ ‘ਆਪ’ ਨੂੰ ਜਲੰਧਰ ਦੀ ਚੋਣ ‘ਚ ਵੀ ਹਾਰ ਦਾ ਮੂੰਹ ਦਿਖਾਉਣਾ ਚਾਹੀਦਾ ਹੈ। ਸਿੱਧੂ ਮੂਸੇਵਾਲਾ ਵੱਲੋਂ ਬਣਵਾਈ ਹਵੇਲੀ ‘ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਜਗ੍ਹਾ ਲਾਰੇ ਹੀ ਲਾਏ ਹਨ। ਉਹ ਪੰਜਾਬ ਸਰਕਾਰ ਦੇ ਲਾਰਿਆਂ ‘ਚ ਨਾ ਆਉਣ। ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ‘ਚ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ ਸੀ ਤਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਅਤੇ 20 ਮਾਰਚ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁੜ ਕੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਕੀ ਮੁੱਖ ਮੰਤਰੀ ਸੱਚਮੁੱਚ ਇੰਨੇ ਰੁੱਝੇ ਹੋਏ ਹਨ ਕਿ ਉਨ੍ਹਾਂ ਨੂੰ ਦਸ ਮਿੰਟ ਲਈ ਮਿਲਣ ਦਾ ਸਮਾਂ ਨਹੀਂ ਕੱਢ ਸਕਦੇ। ਕੀ ਸਰਕਾਰ ਇਨਸਾਫ਼ ਦੇਣਾ ਚਾਹੁੰਦੀ ਵੀ ਹੈ ਜਾਂ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ‘ਚ ਗੰਭੀਰ ਨਹੀਂ ਜਾਪਦੀ ਅਤੇ ਇਓਂ ਜਾਪਦਾ ਹੈ ਜਿਵੇਂ ਅਸਲ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।