29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ। ਪਿੰਡ ਜਵਾਹਰਕੇ ਤੱਕ ਇਹ ਮਾਰਚ ਉਸ ਥਾਂ ਜਾ ਕੇ ਖ਼ਤਮ ਹੋਵੇਗਾ ਜਿਸ ਥਾਂ ‘ਤੇ ਸਿੱਧੂ ਮੂਸੇਵਾਲਾ ਦੇ ਗੋਲੀਆਂ ਮਾਰੀਆਂ ਗਈਆਂ ਸਨ। ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ, ਸਿਆਸੀ ਪਾਰਟੀਆਂ, ਜਥੇਬੰਦੀਆਂ ਅਤੇ ਦੁਨੀਆ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ‘ਚ ਸ਼ਾਮਲ ਹੋਣ ਦੀ ਬੇਨਤੀ ਹੈ। ਪਰਿਵਾਰ ਨੇ ਇਸ ਮਾਰਚ ‘ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਇਸ ਕੈਂਡਲ ਮਾਰਚ ‘ਚ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ। ਕੁਝ ਨੌਜਵਾਨਾਂ ਨੇ ਇਸ ਕੈਂਡਲ ਮਾਰਚ ਪ੍ਰਤੀ ਉਤਸ਼ਾਹ ਦਿਖਾਇਆ ਹੈ ਅਤੇ ਇਹ ਸਾਰੇ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਹੋਰ ਨੌਜਵਾਨਾਂ ਨੂੰ ਕੈਂਡਲ ਮਾਰਚ ‘ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ।