ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਕਾਂਗਰਸੀ ਆਗੂਆਂ ਲਈ ਔਖਾ ਸਮਾਂ ਚੱਲ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਜਿੱਥੇ ਵਿਧਾਨ ਸਭਾ ਦੇ ਸਪੀਕਰ ਰਹੇ ਰਾਣਾ ਕੇ.ਪੀ. ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ, ਉਥੇ ਹੀ ਅੱਜ ਬੁੱਧਵਾਰ ਨੂੰ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਸੀ ਜਿਸ ਸਬੰਧੀ ਉਨ੍ਹਾਂ ਦੱਸ ਦਿੱਤਾ ਕਿ ਚੋਣਾਂ ਲੜਨ ਸਮੇਂ ਦਿੱਤੇ ਗਏ ਐਫੀਡੇਵਿਟ ‘ਚ ਜ਼ਮੀਨ ਜਾਇਦਾਦ ਬਾਰੇ ਪੂਰਾ ਵੇਰਵਾ ਦਿੱਤਾ ਗਿਆ ਹੈ ਅਤੇ ਉਹ ਵਿਜੀਲੈਂਸ ਦੀ ਜਾਂਚ ‘ਚ ਅੱਗੇ ਵੀ ਸਹਿਯੋਗ ਕਰਦੇ ਰਹਿਣਗੇ। ਦੂਜੇ ਪਾਸੇ ਪੰਜਾਬ ਦੇ ਖ਼ਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਸੀਨੀਅਰ ਕਾਂਗਰਸ ਆਗੂ ਖ਼ਿਲਾਫ਼ ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ‘ਚ ਸ਼ਮੂਲੀਅਤ ਦੇ ਮਾਮਲੇ ‘ਚ ਕੀਤੀ ਜਾਵੇਗੀ। ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਈ.ਡੀ. ਮਾਈਨਿੰਗ ਦੇ ਮੈਂਬਰਾਂ ਦੀ ਸਾਂਝੀ ਕਮੇਟੀ ਇਸ ਮਾਮਲੇ ‘ਚ ਨਾਲੋ-ਨਾਲ ਸਮਾਂਬੱਧ ਜਾਂਚ ਕਰੇਗੀ। ਬੈਂਸ ਨੇ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੀ.ਬੀ.ਆਈ. ਨੇ ਪਿਛਲੇ ਸਾਲ ਜੁਲਾਈ ‘ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖ਼ਿਲਾਫ਼ ਜਾਂਚ ਲਈ ਕਿਹਾ ਸੀ ਪਰ ਮਾਮਲੇ ਨੂੰ ਦਬਾ ਦਿੱਤਾ ਗਿਆ ਕਿਉਂਕਿ ਰਾਣਾ ਕੇ.ਪੀ. ਦੀ ਪਾਰਟੀ ਸੱਤਾ ‘ਚ ਸੀ। ਮੰਤਰੀ ਨੇ ਕਿਹਾ ਕਿ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਰਾਣਾ ਹੇਠ ਕੰਮ ਕਰਦੇ ਵਿਅਕਤੀਆਂ ਨੇ ਪ੍ਰੋਟੈਕਸ਼ਨ ਮਨੀ ਵਜੋਂ ਰੋਪੜ ਤੇ ਆਨੰਦਪੁਰ ਸਾਹਿਬ ਖੇਤਰਾਂ ‘ਚ ਚੱਲ ਰਹੇ ਕਰੱਸ਼ਰਾਂ ਤੋਂ ਕਥਿਤ ਤੌਰ ‘ਤੇ ਲੱਖਾਂ ਰੁਪਏ ਇਕੱਠੇ ਕੀਤੇ ਹਨ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਆਪਣੇ ਬਿਆਨਾਂ ‘ਚ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਰਾਣਾ ਕੇ.ਪੀ. ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਬੇਦਾਗ਼ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਇਹ ਦੋਸ਼ ਮੜ੍ਹ ਰਹੀ ਹੈ।