ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ‘ਚ ਹਨ। ਪਿਛਲੀ ਸੁਣਵਾਈ ‘ਚ ਸਰਕਾਰ ਅਤੇ ਸਾਬਕਾ ਮੰਤਰੀਆਂ ਦੇ ਵਕੀਲਾਂ ‘ਚ ਬਹਿਸ ਹੋਈ ਸੀ ਜਿਸ ਤੋਂ ਬਾਅਦ ਹਾਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ‘ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਦੋਸ਼ ਹੈ ਕਿ ਧਰਮਸੋਤ ਨੇ ਇਕ ਦਰੱਖਤ ਵੱਢਣ ਦੇ ਬਦਲੇ 500 ਰੁਪਏ ਰਿਸ਼ਵਤ ਲਈ ਹੈ ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਵੀ ਮੁਲਜ਼ਮ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਵਿਜੀਲੈਂਸ ਨੇ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।