ਅਜਨਾਲਾ ਥਾਣੇ ਮੂਹਰੇ ਪ੍ਰਦਰਸ਼ਨ ‘ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਲੈ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਬਣਾਈ ਗਈ ਕਮੇਟੀ ਨੇ ਰਿਪੋਰਟ ਦੇ ਦਿੱਤੀ ਹੈ। ਧਰਨਿਆਂ, ਰੋਸ ਪ੍ਰਦਰਸ਼ਨਾਂ ਅਤੇ ਝਗੜਿਆਂ ਵਾਲੀਆਂ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਇਹ 15 ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀ ਰਿਪੋਰਟ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਰਿਪੋਰਟ ਬਾਰੇ ਅਗਲਾ ਫ਼ੈਸਲਾ ਹੁਣ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਜਾਵੇਗਾ। ਇਹ ਰਿਪੋਰਟ ਕਮੇਟੀ ਦੇ ਕੋਆਰਡੀਨੇਟਰ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ। ਵੇਰਵਿਆਂ ਮੁਤਾਬਕ ਕਮੇਟੀ ਮੈਂਬਰਾਂ ਦੀ ਆਪਸ ‘ਚ ਇਸ ਗੱਲ ‘ਤੇ ਸਹਿਮਤੀ ਬਣੀ ਹੈ ਕਿ ਧਰਨਿਆਂ, ਰੋਸ ਪ੍ਰਦਰਸ਼ਨਾਂ ਅਤੇ ਝਗੜਿਆਂ ਵਾਲੀਆਂ ਥਾਵਾਂ ‘ਤੇ ਪਾਵਨ ਸਰੂਪ ਲੈ ਕੇ ਨਹੀਂ ਜਾਣਾ ਚਾਹੀਦਾ। ਪਾਵਨ ਸਰੂਪ ਦਾ ਅਦਬ-ਸਤਿਕਾਰ ਸਭ ਤੋਂ ਪਹਿਲਾਂ ਹੈ ਅਤੇ ਇਸ ਨੂੰ ਹਰ ਹਾਲ ‘ਚ ਬਰਕਰਾਰ ਰੱਖਣਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ। ਇਸ ਰਿਪੋਰਟ ‘ਚ ਵੱਖ ਵੱਖ ਮੈਂਬਰਾਂ ਵੱਲੋਂ ਦਿੱਤੀ ਗਈ ਰਾਇ ਵੱਖਰੇ ਤੌਰ ‘ਤੇ ਵੀ ਦਰਜ ਕੀਤੀ ਗਈ ਹੈ ਜਦਕਿ ਸਮੂਹਿਕ ਰਾਇ ਨੂੰ ਇਸ ਰਿਪੋਰਟ ‘ਚ ਦਰਜ ਕੀਤਾ ਗਿਆ ਹੈ। ਕਮੇਟੀ ਦੇ ਬਹੁਗਿਣਤੀ ਮੈਂਬਰਾਂ ਨੇ ਅਜਨਾਲਾ ‘ਚ ਵਾਪਰੀ ਹਿੰਸਕ ਘਟਨਾ, ਜਿੱਥੇ ਪਾਵਨ ਸਰੂਪ ਦੀ ਕਥਿਤ ਬੇਅਦਬੀ ਹੋਈ ਹੈ, ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਅਤੇ ਇਸ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ। ਕਮੇਟੀ ਦੇ ਬਹੁਤੇ ਮੈਂਬਰਾਂ ਨੇ ਸਿਧਾਂਤਕ ਤੌਰ ‘ਤੇ ਇਸ ਨੂੰ ਗਲਤ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ 23 ਫਰਵਰੀ ਨੂੰ ਅਜਨਾਲਾ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਆਪਣੇ ਇਕ ਗ੍ਰਿਫ਼ਤਾਰ ਸਾਥੀ ਨੂੰ ਰਿਹਾਅ ਕਰਵਾਉਣ ਅਤੇ ਦਰਜ ਕੇਸ ਨੂੰ ਰੱਦ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਪਾਵਨ ਸਰੂਪ ਦੀ ਅਗਵਾਈ ਹੇਠ ਥਾਣੇ ਦਾ ਘਿਰਾਓ ਕੀਤਾ ਗਿਆ ਸੀ, ਜਿਥੇ ਪੁਲੀਸ ਅਤੇ ਜਥੇਬੰਦੀ ਦੇ ਕਾਰਕੁਨਾਂ ਵਿਚਾਲੇ ਹਿੰਸਕ ਝੜਪ ਹੋਈ। ਇਸ ਦੌਰਾਨ ਪਾਵਨ ਸਰੂਪ ਵਾਲੀ ਬੱਸ ਦੇ ਸ਼ੀਸ਼ਿਆਂ ਨੂੰ ਨੁਕਸਾਨ ਪਹੁੰਚਿਆ ਸੀ। ਮਾਮਲੇ ‘ਚ ਸਿੱਖ ਜਥੇਬੰਦੀ ‘ਤੇ ਦੋਸ਼ ਲੱਗ ਰਿਹਾ ਹੈ ਕਿ ਉਸ ਨੇ ਪਾਵਨ ਸਰੂਪ ਨੂੰ ਆਪਣੇ ਮੰਤਵ ਵਾਸਤੇ ਢਾਲ ਬਣਾ ਕੇ ਵਰਤਿਆ ਹੈ ਅਤੇ ਨਿਰਾਦਰ ਹੋਇਆ ਹੈ। ਇਸ ਘਟਨਾ ‘ਤੇ ਹੁਣ ਤੱਕ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਚੁੱਪ ਹਨ ਪਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਵਿੱਖ ‘ਚ ਇਸ ਸਬੰਧੀ ਨੀਤੀ ਬਣਾਉਣ ਲਈ ਸਿੱਖ ਸੰਪਰਦਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ 15 ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਕਮੇਟੀ ਨੂੰ ਇਸ ਮਾਮਲੇ ‘ਚ ਆਪਣੀ ਰਾਇ ਦੇਣ ਲਈ ਆਖਿਆ ਗਿਆ ਸੀ। ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਸਬ-ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਸੌਂਪ ਦਿੱਤੀ ਗਈ ਹੈ।