ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਕੀਤੇ ਗਏ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਤੇ ਗੁੰਜਾਊ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਸਵੇਰੇ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਹੋਇਆ ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਇਕੱਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਸਿੱਖਾਂ ‘ਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਪ੍ਰੰਤੂ ਸਿੱਖ ਕੌਮ ਵੱਲੋਂ ਇਕੱਠਿਆਂ ਹੋ ਕੇ ਲੜੀ ਜਾਂਦੀ ਲੜਾਈ ਕਾਰਨ ਇਹ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰ ਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰਾਂ ਦੇ ਦੁਆਰ ਬੰਦ ਹੋ ਜਾਣ ਤਾਂ ਗੁਰੂ ਦੇ ਦੁਆਰ ਖੁੱਲ੍ਹ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸਿੱਖਾਂ ‘ਚ ਪਾੜਾ ਪਾਉਣ ਦੀਆਂ ਸਾਜ਼ਿਸ਼ਾ ਰਚ ਕੇ ਸਮੇਂ ਦੀਆਂ ਸਰਕਾਰਾਂ ਸਾਡੀਆਂ ਸਿੱਖ ਸੰਸਥਾਵਾਂ ਤੇ ਕਬਜ਼ਾ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਸ ਦਾ ਸਿੱਖ ਕੌਮ ਮੂੰਹ ਤੋੜ ਜੁਆਬ ਦੇਵੇਗੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਗਿਆ। ਰੋਸ ਮਾਰਚ ‘ਚ ਸ਼ਾਮਲ ਆਗੂਆਂ ਵੱਲੋਂ ਜਿਥੇ ਆਪਣੀਆਂ ਪੱਗਾਂ ਅਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ ਉਥੇ ਹੀ ਸੰਗਤਾਂ ਵੱਲੋਂ ਆਪਣੇ ਹੱਥਾਂ ‘ਚ ਕਾਲੇ ਝੰਡੇ ਫੜ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਠਿੰਡਾ ਹਲਕੇ ਦੇ ਆਸ ਪਾਸ ਦੇ ਵੱਡੀ ਗਿਣਤੀ ‘ਚ ਜਥੇਦਾਰਾਂ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਵਹੀਕਲਾ ਨਾਲ ਸ਼ਮੂਲੀਅਤ ਕੀਤੀ।