ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਹਾਕਮ ਧਿਰ ਆਮ ਆਦਮੀ ਪਾਰਟੀ ਤੇ ਉਸ ਦੇ ਉਮੀਦਵਾਰ ਖ਼ਿਲਾਫ਼ ਰੈਲੀਆਂ ਤੇ ਪ੍ਰਚਾਰ ਕਰ ਚੁੱਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 2024 ਦੀਆਂ ਲੋਕ ਸਭਾ ਚੋਣਾਂ ‘ਚ ਵੀ ‘ਆਪ’ ਦਾ ਖੁੱਲ੍ਹਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਜੱਦੀ ਪਿੰਡ ਵਿਚਲੀ ਹਵੇਲੀ ‘ਚ ਇਕੱਤਰ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ‘ਚ ਉਨ੍ਹਾਂ ਕਿਸੇ ਉਮੀਦਵਾਰ ਦਾ ਨਹੀਂ ਸਗੋਂ ਇਨਸਾਫ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਹੱਕ ‘ਚ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨਸਾਫ ਨਾ ਮਿਲਣ ‘ਤੇ 2024 ਦੀਆਂ ਲੋਕ ਸਭਾ ਚੋਣਾਂ ‘ਚ ਵੀ ਉਹ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ‘ਆਪ’ ਦਾ ਖੁੱਲ੍ਹਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਪੁੱਤ ਦੇ ਕਤਲ ਦਾ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਆਈ.ਟੀ. ਐੱਲ ਵੱਲੋਂ ਉਨ੍ਹਾਂ ਦੀਆਂ ਫੋਟੋਆਂ ਗੁਰਸਿਮਰਨ ਸਿੰਘ ਮੰਡ ਤੇ ਰਾਹੁਲ ਗਾਂਧੀ ਨਾਲ ਜੋੜ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਅਤੇ ਫੋਟੋਆਂ ਉਪਰ ‘ਸਿੱਖਾਂ ਦਾ ਕਾਤਲ’ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਕ ਬੁਜ਼ਰਗ ਦੀ ਵੀਡੀਓ ਤੋਂ ਬਾਅਦ ਪੰਜਾਬੀ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਜਿੱਤ-ਹਾਰ ਵੱਖਰੀ ਗੱਲ ਹੈ, ਪਰ ਪਾਰਟੀ ਦੇ ਕੁਝ ਵਰਕਰ ਮੂਸੇਵਾਲਾ ਦੇ ਪਿਤਾ ਅਤੇ ਪਰਿਵਾਰ ਲਈ ਗਲਤ ਸ਼ਬਦਾਵਲੀ ਵਰਤ ਕੇ ਟਿੱਪਣੀ ਕਰ ਰਹੇ ਹਨ, ਜੋ ਸਹਿਣਯੋਗ ਨਹੀਂ ਹੈ। ਇਕੱਠ ਨੂੰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਵੀ ਸੰਬੋਧਨ ਕੀਤਾ ਅਤੇ ਪੁੱਤ ਲਈ ਇਨਸਾਫ਼ ਦੀ ਮੰਗ ਨੂੰ ਦੁਹਰਾਇਆ।