ਕਾਂਗਰਸ ਸਰਕਾਰ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਰਗੇ ਅਹਿਮ ਵਿਭਾਗ ਦੇ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਿਹਾਈ ਤੋਂ ਬਾਅਦ ਉਹ ਆਪਣੇ ਜੱਦੀ ਸ਼ਹਿਰ ਲੁਧਿਆਣਾ ਪੁੱਜੇ ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਹੋਇਆ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਅਧੀਨ ਰਹੇ ਵਿਭਾਗ ‘ਚ ਟਰਾਂਸਪੋਰਟ ਟੈਂਡਰ ਘੁਟਾਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ 16 ਅਗਸਤ 2022 ਨੂੰ ਕੇਸ ਦਰਜ ਕੀਤਾ ਗਿਆ ਸੀ, ਜਿਸ ਤਹਿਤ ਉਹ ਪਿਛਲੇ ਸੱਤ ਮਹੀਨਿਆਂ ਤੋਂ ਪਟਿਆਲਾ ਜੇਲ੍ਹ ‘ਚ ਬੰਦ ਸਨ। ਰਿਹਾਈ ਮਗਰੋਂ ਜੇਲ੍ਹ ਤੋਂ ਬਾਹਰ ਆਉਣ ‘ਤੇ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਡੀ ਗਿਣਤੀ ਪਾਰਟੀ ਕਾਰਕੁਨਾਂ ਤੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਿਸ ਮਗਰੋਂ ਉਹ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਨੇ ਤਾਂ ਜੋ ਕਰਨਾ ਸੀ ਕਰ ਲਿਆ ਪਰ ਉਨ੍ਹਾਂ ਨੂੰ ਨਿਆਂ ਪਾਲਿਕਾ ‘ਤੇ ਪੂਰਾ ਭਰੋਸਾ ਹੈ ਕਿ ਆਸ਼ੂ ਦੇ ਮਾਮਲੇ ‘ਚ ਇਨਸਾਫ਼ ਹੋਵੇਗਾ। ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਭੰਗ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਸਜ਼ਾ ਹੋਣ ‘ਤੇ ਮੁਅੱਤਲ ਕੀਤਾ ਜਾਂਦਾ ਹੈ ਤੇ ਕਿਸੇ ਨੂੰ ਤੋਹਫੇ ਵਜੋਂ ਮੰਤਰੀ ਬਣਾ ਦਿੱਤਾ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਉਨ੍ਹਾਂ ਸਰਕਾਰ ਅਤੇ ਖੁਫੀਆ ਏਜੰਸੀਆਂ ਦੀ ਅਸਫਲਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਕੁਝ ਹੁਣ ਪ੍ਰਚਾਰਿਆ ਜਾ ਰਿਹਾ ਹੈ ਕਿ ਹਥਿਆਰ ਤੇ ਜੈਕੇਟਾਂ ਆਦਿ ਮਿਲ ਰਹੀਆਂ ਹਨ, ਇਸ ਬਾਰੇ ਸਰਕਾਰਾਂ ਨੂੰ ਪਹਿਲਾਂ ਕਿਉਂ ਨਹੀਂ ਪਤਾ ਲੱਗਿਆ। ਭਾਰੀ ਪੁਲੀਸ ਫੋਰਸ ਲਾਉਣ ਦੇ ਬਾਵਜੂਦ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਵੀ ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸੇਧਿਆ।