ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੋਇਮ ਦਾ ਦੇਹਾਂਤ ਹੋ ਗਿਆ। ਸੱਤਰ ਸਾਲ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਮਹਾਰਾਣੀ 96 ਸਾਲਾਂ ਦੇ ਸਨ ਤੇ ਬੀਤੇ ਕੁਝ ਦਿਨਾਂ ਤੋਂ ਸਿਹਤ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ। ਉਹ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਬਾਲਮੋਰਲ ਕੈਸਲ ‘ਚ ਰਹਿ ਰਹੇ ਸਨ। ਸਿਹਤ ਨਾਸਾਜ਼ ਹੋਣ ਦੀਆਂ ਖ਼ਬਰਾਂ ਮਗਰੋਂ ਉਹ ਡਾਕਟਰਾਂ ਦੀ ਨਿਗਰਾਨੀ ਅਧੀਨ ਸਨ। ਮਹਾਰਾਣੀ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪ੍ਰਿੰਸ ਚਾਰਲਸ ‘ਕਿੰਗ’ ਵਜੋਂ ਬਰਤਾਨੀਆ ਦੀ ਗੱਦੀ ‘ਤੇ ਬੈਠੇਗਾ। ਉਨ੍ਹਾਂ ਦੇ ਰਾਜ ‘ਚ ਵਿੰਸਟਨ ਚਰਚਿਲ (1952) ਤੋਂ ਲੈ ਕੇ ਲਿਜ਼ ਟਰੱਸ (2022) ਤਕ 15 ਪ੍ਰਧਾਨ ਮੰਤਰੀ ਰਹੇ। ਲਿਜ਼ ਟਰੱਸ ਤੇ ਸਾਬਕਾ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਲੰਘੇ ਦਿਨ ਹੀ ਉਨ੍ਹਾਂ ਨਾਲ ਕੈਸਲ ‘ਚ ਮੁਲਾਕਾਤ ਕੀਤੀ ਸੀ। ਮਹਾਰਾਣੀ ਨੇ 70 ਸਾਲ ਤੋਂ ਵਧ ਸਮਾਂ ਬਰਤਾਨੀਆ ‘ਤੇ ਰਾਜ ਕੀਤਾ। ਉਹ ਸਭ ਤੋਂ ਵੱਡੀ ਉਮਰ ਤੇ ਸਭ ਤੋਂ ਲੰਮਾ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਸਨ। ਉਨ੍ਹਾਂ ਆਪਣੇ ਪਿਤਾ ਕਿੰਗ ਜਾਰਜ ਚੌਥੇ ਦੇ ਦੇਹਾਂਤ ਮਗਰੋਂ 5 ਫਰਵਰੀ 1952 ਨੂੰ ਬਰਤਾਨੀਆ ਦਾ ਤਖ਼ਤ ਸੰਭਾਲਿਆ ਸੀ। ਪਿਛਲੇ ਸਾਲ ਉਨ੍ਹਾਂ ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਆਲਮੀ ਜਗਤ ਦੀਆਂ ਹੋਰਨਾਂ ਸਿਆਸੀ ਸ਼ਖ਼ਸੀਅਤਾਂ ਨੇ ਮਹਾਰਾਣੀ ਦੇ ਦੇਹਾਂਤ ‘ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।