ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧਣਾ ਸ਼ੁਰੂ ਕੀਤਾ। ਇਸ ਰੋਸ ਮਾਰਚ ‘ਚ ਤਲਵਾਰਾਂ ਲਹਿਰਾਉਂਦੇ ਹੋਏ ਕੁਝ ਘੋੜਸਵਾਰ ਨਿਹੰਗ ਸਿੰਘ ਵੀ ਸ਼ਾਮਲ ਸਨ। ਜਦੋਂ ਪ੍ਰਕਰਸ਼ਨਕਾਰੀਆਂ ਨੇ ਮੁਹਾਲੀ-ਚੰਡੀਗੜ੍ਹ ਦੀ ਸਰਹੱਦ ‘ਤੇ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਨ ਦਾ ਯਤਨ ਕੀਤਾ ਤਾਂ ਯੂ.ਟੀ. ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ੋਰਦਾਰ ਟਕਰਾਅ ਹੋਇਆ। ਇਸ ਮੌਕੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਦੇ ਕਈ ਚੌਕਾਂ ’ਤੇ ਧਰਨਾ ਲਾ ਕੇ ਆਵਾਜਾਈ ਰੋਕ ਦਿੱਤੀ। ਇਸ ਟਕਰਾਅ ਦੌਰਾਨ ਇਕ ਬੱਸ, ਪੁਲੀਸ ਦੀ ਜਿਪਸੀ, ਇਕ ਮੋਟਰਸਾਈਕਲ ਤੇ ਜਲ ਤੋਪ ਸਣੇ ਕਈ ਵਾਹਨਾਂ ਦੀ ਭਨੰਤੋੜ ਕੀਤੀ ਗਈ ਹੈ। ਧਰਨੇ ਵਾਲੀ ਥਾਂ ’ਤੇ ਮੋਰਚੇ ‘ਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਭਾਸ਼ਣ ਦਿੱਤੇ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਧਰਨੇ ‘ਚ ਸ਼ਾਮਲ ਨੌਜਵਾਨਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਰੋਸ ਪ੍ਰਦਰਸ਼ਨ ਵਾਲੀ ਥਾਂ ਸੜਕ ‘ਤੇ ਵੱਡੀ ਗਿਣਤੀ ਇੱਟਾਂ-ਰੋੜੇ ਖਿੱਲਰੇ ਦਿਖਾਈ ਦੇ ਰਹੇ ਸਨ। ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀਆਂ ਬੁਛਾੜਾਂ ਮਾਰੀਆਂ। ਇਸ ਮੌਕੇ ਕਈ ਪ੍ਰਦਰਸ਼ਨਕਾਰੀਆਂ ਨੂੰ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ ਜਦੋਂਕਿ ਮੁਹਾਲੀ ਪੁਲੀਸ ਦੇ ਇਕ ਕਰਮਚਾਰੀ ਦੀ ਲੱਤ ਟੁੱਟ ਗਈ। ਪ੍ਰਦਰਸ਼ਨਕਾਰੀ ਯੂ.ਟੀ. ਪੁਲੀਸ ਦੇ ਬੈਰੀਕੇਡ ਚੁੱਕ ਕੇ ਮੁਹਾਲੀ ਲੈ ਗਏ। ਇਸ ਮੌਕੇ ਗੁਰਚਰਨ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ ਸਣੇ ਹੋਰਨਾਂ ਨੇ ਕਿਹਾ ਕਿ ਸ਼ਾਂਤਮਈ ਧਰਨੇ ‘ਤੇ ਬੈਠੇ ਲੋਕਾਂ ‘ਤੇ ਸਾਜ਼ਿਸ਼ ਤਹਿਤ ਪਥਰਾਓ ਕਰਵਾ ਕੇ ਮੋਰਚੇ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ। ਕੁਝ ਸਮੇਂ ਬਾਅਦ ਚੰਡੀਗੜ੍ਹ ਦੀ ਹੱਦ ‘ਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਵਾਪਸ ਪੱਕੇ ਮੋਰਚੇ ਵਾਲੀ ਥਾਂ ‘ਤੇ ਮੁੜ ਧਰਨੇ ‘ਤੇ ਬੈਠ ਗਏ। ਉਧਰ, ਮੌਕੇ ‘ਤੇ ਮੌਜੂਦ ਪੰਜਾਬ ਤੇ ਯੂ.ਟੀ. ਪੁਲੀਸ ਦੇ ਸੀਨੀਅਰ ਅਧਿਕਾਰੀ ਘਟਨਾ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਲਗਾਤਾਰ ਟਾਲਾ ਵੱਟਦੇ ਰਹੇ। ਬਾਅਦ ‘ਚ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਪੁਲੀਸ ਨਾਲ ਟਕਰਾਅ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਧਾਰਾ-307 ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐੱਫ.ਆਈ.ਆਰਜ਼ ਚੰਡੀਗੜ੍ਹ ਅਤੇ ਮੁਹਾਲੀ ਦੇ ਮਟੌਰ ਥਾਣੇ ‘ਚ ਦਰਜ ਕੀਤੀਆਂ ਗਈਆਂ ਹਨ। ਚੰਡੀਗੜ੍ਹ ਪੁਲੀਸ ਵੱਲੋਂ ਜੋ ਪਰਚਾ ਦਰਜ ਕੀਤਾ ਗਿਆ ਹੈ, ਉਸ ‘ਚ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ ਅਤੇ ਜਸਵਿੰਦਰ ਸਿੰਘ ਰਾਜਪੁਰਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ 20 ਹੋਰ ਸ਼ੱਕੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਾ-147, 148, 149, 186, 332, 335 ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਆਈ.ਜੀ. ਗੁਰਪ੍ਰੀਤ ਭੁੱਲਰ ਹਿੰਸਕ ਝੜਪ ਦੌਰਾਨ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ, ਜੋ ਕਿ ਮੁਹਾਲੀ ਦੇ ਫੇਜ਼-6 ਹਸਪਤਾਲ ਵਿਖੇ ਦਾਖ਼ਲ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਬੀਤੇ ਦਿਨ ਹੋਈ ਹਿੰਸਕ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ ਜਲਦ ਹੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ।