ਪੰਜਾਬੀ ਦੇ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਿਲ ਦੀ ਬਿਮਾਰੀ ਦਾ ਇਲਾਜ ਕਰਵਾਉਣ ਤੋਂ ਬਾਅਦ ਪਿੰਡ ਮੂਸਾ ਹਵੇਲੀ ‘ਚ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਮੁੜ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਉਹ ਜੀਪ ਜਿਸ ‘ਤੇ ਗੋਲੀਆਂ ਦਾ ਮੀਂਹ ਵਰ੍ਹਾ ਕੇ ਸਿੱਧੂ ਮੂਸੇਵਾਲਾ ਕਤਲ ਕੀਤਾ ਗਿਆ ਸੀ, ਨੂੰ ਪੰਜਾਬ ਭਰ ‘ਚ ਲਿਜਾਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੁੱਤ ਦੇ ਕਤਲ ਨੂੰ 10 ਮਹੀਨਿਆਂ ਦਾ ਸਮਾਂ ਹੋਣ ਵਾਲਾ ਹੈ, ਪਰ ਅਜੇ ਤੱਕ ਅਸਲੀ ਕਾਤਲਾਂ ਦਾ ਪਤਾ ਨਹੀਂ ਲੱਗਿਆ ਜਦਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਲਈ 40-40 ਸੁਰੱਖਿਆ ਜਵਾਨ ਜੈਮਰ ਸਣੇ ਲਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤ ਦੀ ਪਹਿਲੀ ਬਰਸੀ ਮਨਾਉਣ ਜਾ ਰਹੇ ਹਨ ਅਤੇ ਸਰਕਾਰਾਂ ਤੋਂ ਜਦੋਂ ਇਨਸਾਫ਼ ਦੀ ਆਸ ਨਾ ਰਹੀ ਤਾਂ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਨਿਆਂ ਲੈਣ ਲਈ ਸੜਕਾਂ ‘ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਤਸਵੀਰ ਗੋਲੀਆਂ ਨਾਲ ਛਲਣੀ ਕੀਤੀ ‘ਥਾਰ’ ਉਤੇ ਰੱਖ ਕੇ ਸੜਕਾਂ ‘ਤੇ ਘੁੰਮਣਗੇ। ਉਨ੍ਹਾਂ ਸਵਾਲ ਕੀਤਾ ਕਿ ਉਸ ਦੇ ਪੁੱਤ ਨੂੰ ਮਾਰਨ ਲਈ ਕਰੋੜਾਂ ਦੇ ਹਥਿਆਰ ਕਿਸ ਨੇ ਲੈ ਕੇ ਦਿੱਤੇ ਅਤੇ ਲਾਰੈਂਸ ਬਿਸ਼ਨੋਈ ਸਮੇਤ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਅਖ਼ਬਾਰਾਂ ਤੇ ਸੋਸ਼ਲ ਮੀਡੀਆ ‘ਤੇ ਲਈ, ਜਿਸ ਤੋਂ ਵੱਡੇ ਪੁਲੀਸ ਕੋਲ ਹੋਰ ਕੀ ਸਬੂਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਸਬੰਧੀ ਜਾਣਕਾਰੀ ਨਸ਼ਰ ਕਰਨ ਵਾਲੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਤੋਂ ਪੁੱਛ-ਪੜਤਾਲ ਕਰਨ ਲਈ ਸਰਕਾਰ ਨੂੰ 4-5 ਵਾਰ ਬੇਨਤੀ ਕਰ ਚੁੱਕੇ ਹਨ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਦੇ ਹੱਲ ਲਈ ਮੁੱਖ ਮੰਤਰੀ ਅਤੇ ਉਸ ਦੀ ਕੈਬਨਿਟ ਅਜੇ ਤੱਕ ਗੰਭੀਰ ਨਹੀਂ ਹੋਈ।