ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਪਟਿਆਲਾ ਦੀ ਸੈਂਟਰਲ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਕੌਮੀ ਇਨਸਾਫ ਮੋਰਚੇ ‘ਤੇ ਵੱਡਾ ਬਿਆਨ ਦਿੱਤਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ‘ਚ ਬਹੁਤੇ ਕਾਂਗਰਸੀ ਤੁਰੇ ਫਿਰਦੇ ਹਨ ਅਤੇ ਸਾਡਾ ਬਾਪੂ ਇਕ ਹੀ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ। ਉਨ੍ਹਾਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਪੱਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਮੋਰਚੇ ਨੂੰ ਉਨ੍ਹਾਂ ਦੇ ਅਕਾਲੀ ਹੋਣ ‘ਤੇ ਇਤਰਾਜ਼ ਹੈ ਪਰ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਮੋਰਚੇ ‘ਚ ਕਾਂਗਰਸ ਵੱਲੋਂ ਕੀਤੇ ਗਏ ਤਸ਼ੱਦਦਾਂ ਦੀ ਗੱਲ ਕਿਉਂ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਮੇਰੇ ਬਾਰੇ ਘਟੀਆ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਜੋ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਅਮਰ ਸਿੰਘ ਚਾਹਲ ਏਜੰਸੀਆਂ ਦਾ ਬੰਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਭਾਰੀ ਪੁਲੀਸ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੇ ਦੰਦਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਉਨ੍ਹਾਂ ਦੇ ਦੰਦਾ ਦਾ ਚੈਕਅੱਪ ਕਰਨ ਤੋਂ ਬਾਅਦ ਇਲਾਜ ਕੀਤਾ ਅਤੇ ਬਾਅਦ ‘ਚ ਉਨ੍ਹਾਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।