ਪੰਜਾਬ ਦੇ ਬਹੁਚਰਚਿਤ ਬੇਅਦਬੀ ਤੇ ਬਰਗਾੜੀ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ‘ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸਾਲ 2015 ‘ਚ ਫਰੀਦਕੋਟ ਨੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਮਿਲੇ ਸਨ। ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਪੁਲੀਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀ ਕਾਂਡ ‘ਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਯਾਦਵ ਦੀ ਅਗਵਾਈ ‘ਚ ਐੱਸ.ਆਈ.ਟੀ. ਬਣੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।