‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ‘ਗ੍ਰਿਫ਼ਤਾਰੀ’ ਦੀ ਖ਼ਬਰ ਆਉਣ ਤੋਂ ਬਾਅਦ ਪੰਜਾਬ ਪੁਲੀਸ ਨੇ ਮੁਨਕਰ ਹੁੰਦਿਆਂ ਉਨ੍ਹਾਂ ਨੂੰ ‘ਫਰਾਰ’ ਦੱਸਿਆ ਹੈ। ਇਹ ਵੀ ਕਿਹਾ ਹੈ ਕਿ ਉਸ ਦੀ ਭਾਲ ‘ਚ ਸਰਚ ਆਪਰੇਸ਼ਨ ਜਾਰੀ ਹੈ ਅਤੇ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਸੰਭਵ ਹੈ। ਪਰ ਕੁਝ ਵੀਡੀਓ ਵੀ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਜਾਂ ਕਿਸੇ ਉੱਚ ਅਧਿਕਾਰੀ ਵੱਲੋਂ ਸਥਿਤੀ ਸਪੱਸ਼ਟ ਨਾ ਕਰਕੇ ਕਰਕੇ ਲੋਕਾਂ ‘ਫਰਾਰ’ ਹੋਣ ਵਾਲੀ ਗੱਲ ‘ਤੇ ਯਕੀਨ ਨਹੀਂ ਕਰ ਰਹੇ। ਉਂਝ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ 78 ਹਮਾਇਤੀਆਂ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਕਾਰਕੁਨ ਦਲਜੀਤ ਕਲਸੀ ਨੂੰ ਵੀ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਨਿਚਰਵਾਰ ਦੇਰ ਰਾਤ ਨੂੰ ਜਲੰਧਰ ਦੇ ਨਕੋਦਰ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਉਹ ਹੁਣ ਭਗੌੜਾ ਹੈ ਅਤੇ ਅਸੀਂ ਉਸ ਦੀ ਭਾਲ ਕਰ ਰਹੇ ਹਾਂ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਵਾਂਗੇ।’ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਛੇ ਤੋਂ ਸੱਤ ਗੰਨਮੈਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ਅੰਮ੍ਰਿਤਪਾਲ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ ਜਿਸ ‘ਚ ਪੁਲੀਸ ਨੇ ਉਸ ਦੀ ਅਗਵਾਈ ਵਾਲੀ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ‘ਚ ਜਦੋਂ ਅੰਮ੍ਰਿਤਪਾਲ ਉਸ ਦੇ ਕਾਫ਼ਲੇ ਨੂੰ ਰੋਕਿਆ ਗਿਆ ਤਾਂ ਪੁਲੀਸ ਨੂੰ ਚਮਕਾ ਦੇ ਕੇ ਉਹ ‘ਫਰਾਰ’ ਹੋ ਗਿਆ। ਅਧਿਕਾਰੀਆਂ ਮੁਤਾਬਕ ਕਰਵਾਈ ਚੱਲਦੀ ਹੋਣ ਕਰਕੇ ਕਈ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਅਤੇ ਸੋਮਵਾਰ ਤੱਕ ਰਾਜ ‘ਚ ਇੰਟਰਨੈਟ ਅਤੇ ਐੱਸ.ਐੱਮ.ਐੱਸ. ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਗਰੁੱਪ ਦੇ ਮੈਂਬਰਾਂ, ਜਿਨ੍ਹਾਂ ਵਿਰੁੱਧ ਕਈ ਅਪਰਾਧਕ ਮਾਮਲੇ ਦਰਜ ਕੀਤੇ ਗਏ ਹਨ, ਖ਼ਿਲਾਫ਼ ਪੁਲੀਸ ਨੇ ਸ਼ਨਿਚਰਵਾਰ ਨੂੰ ਰਾਜ ਵਿੱਚ ‘ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ’ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਚਲਾਈ ਮੁਹਿੰਮ ਦੌਰਾਨ 9 ਹਥਿਆਰ ਤੇ 373 ਕਾਰਤੂਸ ਬਰਾਮਦ ਕੀਤੇ ਹਨ ਜਿਨ੍ਹਾਂ ‘ਚ ਇਕ 315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇਕ ਰਿਵਾਲਵਰ ਵੀ ਸ਼ਾਮਲ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਖ਼ਿਲਾਫ਼ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ‘ਚ ਸਮਾਜ ‘ਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲੀਸ ਮੁਲਾਜ਼ਮਾਂ ‘ਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ‘ਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।