ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਕ ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਫਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੇ ਫਰੀਦਕੋਟ ‘ਚ ਆਤਮ-ਸਮਰਪਣ ਕਰ ਦਿੱਤਾ। ਉਪਰੰਤ ਕੋਰਟ ਨੇ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੇ ਅਦਾਲਤ ‘ਚ 5-5 ਲੱਖ ਰੁਪਏ ਦੇ ਮੁਚੱਲਕੇ ਭਰੇ ਅਤੇ ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪ ਦਿੱਤੀਆਂ। ਇਸੇ ਦਰਮਿਆਨ ਡੀ.ਆਈ.ਜੀ. ਅਮਰ ਸਿੰਘ ਚਾਹਲ ਨੇ ਵੀ ਕੋਟਕਪੂਰਾ ਗੋਲੀ ਕਾਂਡ ਕੇਸ ‘ਚ ਪੇਸ਼ ਹੋਣ ਦੀ ਇੱਛਾ ਜ਼ਾਹਿਰ ਕਰਦਿਆਂ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਕੇਸ ਦੀ ਸੁਣਵਾਈ 29 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਅਮਰ ਸਿੰਘ ਚਾਹਲ ਨੂੰ ਇਲਾਕਾ ਮੈਜਿਸਟਰੇਟ ਨੇ ਕੋਟਕਪੂਰਾ ਗੋਲੀ ਕਾਂਡ ‘ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਉਨ੍ਹਾਂ ਦੇ ਘਰ ਜਿੰਦਰਾ ਲੱਗਾ ਹੋਣ ਕਾਰਨ ਜਾਂਚ ਟੀਮ ਉਨ੍ਹਾਂ ਨੂੰ ਸੰਮਨ ਨਹੀਂ ਸੌਂਪ ਸਕੀ। ਇਸ ਕਰਕੇ ਅਦਾਲਤ ਨੇ ਅਮਰ ਸਿੰਘ ਚਾਹਲ ਦੇ ਦੁਬਾਰਾ ਸੰਮਨ ਜਾਰੀ ਕੀਤੇ ਸਨ। ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਇਸ ਕੇਸ ‘ਚ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ, ਪਰ ਅਜੇ ਤੱਕ ਉਹ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ 12 ਅਪ੍ਰੈਲ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।