ਮੋਦੀ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਕਾਂਗਰਸ ਨੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ ਤਾਂ ਜੋ ਦੇਸ਼ ਅਤੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ ਜਿਸ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਅਤੇ ਉਸ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਏ ਜਾਣ ਦੇ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਹਾਲ ਗੇਟ ਤੋਂ ਇਤਿਹਾਸਕ ਜਲ੍ਹਿਆਂਵਾਲਾ ਬਾਗ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ‘ਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਲੋਕ ਇਕਜੁੱਟ ਹੋਣ। ਉਨ੍ਹਾਂ ਨੇ ਦੇਸ਼ ਦੀਆਂ ਵਿਰੋਧੀ ਧਿਰਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਇਹ ਲੜਾਈ ਰਾਹੁਲ ਗਾਂਧੀ ਦੀ ਨਹੀਂ ਸਗੋਂ ਦੇਸ਼ ‘ਚ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵੱਲੋਂ ਸੰਸਦ ‘ਚ ਪ੍ਰਧਾਨ ਮੰਤਰੀ ਕੋਲੋਂ ਅਡਾਨੀ ਅਤੇ ਹੋਰ ਮਾਮਲਿਆਂ ਬਾਰੇ ਪੁੱਛੇ ਗਏ ਸਵਾਲਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਮੋਦੀ ਸਰਕਾਰ ਨੇ ਵਿਰੋਧੀ ਧਿਰਾਂ ਨੂੰ ਸੰਕੇਤ ਦਿੱਤਾ ਹੈ ਕਿ ਜੇਕਰ ਕੋਈ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਸਵਾਲ ਪੁੱਛੇਗਾ ਤਾਂ ਉਸ ਦਾ ਇਹ ਹਾਲ ਹੋਵੇਗਾ। ਇਸ ਮੌਕੇ ਹਰੀਸ਼ ਚੌਧਰੀ ਨੇ ਆਖਿਆ ਕਿ ਰਾਹੁਲ ਗਾਂਧੀ ਵੱਲੋਂ ਆਪਣੀ ਪੈਦਲ ਯਾਤਰਾ ਦੌਰਾਨ ਨੋਟਬੰਦੀ, ਕਰੋਨਾ ਅਤੇ ਚੀਨ ਨਾਲ ਝੜਪਾਂ ਤੇ ਦੇਸ਼ ਨਾਲ ਜੁੜੇ ਮੁੱਦੇ ਉਭਾਰੇ ਗਏ ਸਨ। ਇਸੇ ਵਾਸਤੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਅੱਜ ਜਲ੍ਹਿਆਂਵਾਲਾ ਬਾਗ ਤੋਂ ਦੇਸ਼ ਦੇ ਲੋਕਾਂ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਪ੍ਰਤੀ ਸੁਚੇਤ ਕੀਤਾ ਗਿਆ ਹੈ। ਪੰਜਾਬ ‘ਚ ਮੌਜੂਦਾ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਦੋਸ਼ੀ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।