ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਮੇਂ ਉਨ੍ਹਾਂ ਨਾਲ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਵੀ ਮਿਲਣ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਜਥੇਦਾਰ ਨਾਲ ਪੰਜਾਬ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਵੱਲੋਂ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ.ਜੀ.ਪੀ. ਨੇ ਕਿਹਾ ਕਿ ਉਹ ਦਰਬਾਰ ਸਾਹਿਬ ਮੱਥਾ ਟੇਕ ਕੇ ਪੰਜਾਬ ਦੀ ਅਮਨ ਸ਼ਾਂਤੀ ਦੀ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਪੰਜਾਬੀ ਵਿਦੇਸ਼ਾਂ ‘ਚ ਬੈਠੇ ਹਨ, ਉਹ ਇਥੇ ਆ ਕੇ ਵੇਖਣ ਪੰਜਾਬ ‘ਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇੰਡੀਆ ਲੋਕਤੰਤਰਿਕ ਦੇਸ਼ ਹੈ, ਇਥੇ ਹਰ ਕੰਮ ਕਾਨੂੰਨ ਦੀ ਵਿਵਸਥਾ ਨਾਲ ਲਾਗੂ ਹੁੰਦਾ ਹੈ ਅਤੇ ਸਭ ਕੋਲ ਅਧਿਕਾਰ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕੋਈ ਵੀ ਜੇਕਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਦਾ ਹੈ ਤਾਂ ਉਸ ਨਾਲ ਅਸੀਂ ਪੂਰੀ ਸਖ਼ਤੀ ਨਾਲ ਪੇਸ਼ ਆਵਾਂਗੇ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਭਗੌੜਿਆਂ ਨੂੰ ਕਾਨੂੰਨ ਅੱਗੇ ਆਤਮ ਸਮਰਪਣ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।