‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ 36 ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਦੇਰ ਰਾਤ ਪੁਲੀਸ ਨੇ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਜਿਸ ਦੀ ਪੁਸ਼ਟੀ ਅੱਜ ਐਤਵਾਰ ਸਾਜਰੇ ਕੀਤੀ ਗਈ। ਪਹਿਲਾਂ ਆਈਆਂ ਖ਼ਬਰਾਂ ‘ਚ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਕਰਨ ਦੀ ਗੱਲ ਸਾਹਮਣੇ ਆ ਰਹੀ ਸੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘ਪੰਜਾਬ ਪੁਲੀਸ ਨੇ ਸ਼ਨੀਵਾਰ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ।’ ਪੁਲੀਸ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਦੇ ਇਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਚੱਲ ਰਿਹਾ ਸੀ ਅਤੇ ਅੱਜ 36 ਦਿਨਾਂ ਬਾਅਦ ਉਸ ਦੀ ਗ੍ਰਿਫ਼ਤਾਰੀ ਹੋਈ ਹੈ। ਅੰਮ੍ਰਿਤਪਾਲ ਸਿੰਘ ‘ਤੇ ਆਪਣੇ ਇਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਦਾ ਵੀ ਇਲਜ਼ਾਮ ਹੈ। ਇਸ ਘਟਨਾ ਤੋਂ ਬਾਅਦ ਤੋਂ ਪੁਲੀਸ ਉਸ ਦੀ ਭਾਲ ਕਰ ਰਹੀ ਸੀ ਅਤੇ 18 ਮਾਰਚ ਨੂੰ ਉਹ ਜਲੰਧਰ ਜ਼ਿਲ੍ਹੇ ‘ਚ ਸ਼ਾਹਕੋਟ ਤੇ ਨਕੋਦਰ ਦੇ ਪੁਲੀਸ ਨਾਕਿਆਂ ਤੋਂ ਫਰਾਰ ਹੋ ਗਿਆ ਸੀ। ਹਾਲੇ ਤਿੰਨ ਦਿਨ ਪਹਿਲਾਂ ਹੀ 20 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਐਨ.ਆਰ.ਆਈ. ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੰਡਨ ਦੀ ਫਲਾਈਟ ਚੜ੍ਹਨ ਸਮੇਂ ਰੋਕ ਲਿਆ ਗਿਆ ਸੀ। ਕਿਰਨਦੀਪ ਕੌਰ ਤੋਂ ਤਿੰਨ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਵਾਪਸ ਮੋੜ ਦਿੱਤਾ ਗਿਆ ਸੀ। ਖਾਲਿਸਤਾਨੀ ਸਮਰੱਥਕ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬ ਪੁਲਿਸ ਵਲੋਂ ਉਸਨੂੰ 36 ਦਿਨਾਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਪਿੰਡ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਕਰਕੇ ਵੀ ਜਾਣਿਆ ਜਾਂਦਾ ਹੈ ਅਤੇ ਇਥੇ ਹੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ‘ਚ ਰੁਕਿਆ ਹੋਇਆ ਹੈ। ਪੁਲੀਸ ਨੇ ਐਕਸ਼ਨ ਲੈਂਦਿਆ ਅੱਜ ਸਵੇਰੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲੀਸ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਲੈ ਗਈ ਹੈ। ਇਕ ਹੋਰ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਭਿਸੀਆਣਾ ਏਅਰਪੋਰਟ ਅੰਦਰ ਲਿਜਾਇਆ ਗਿਆ ਹੈ ਅਤੇ ਇਥੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ ਜਿਥੇ ਪਹਿਲਾਂ ਗ੍ਰਿਫ਼ਤਾਰ ਕੀਤੇ ਉਸ ਦੇ ਕਈ ਸਾਥੀ ਬੰਦ ਹਨ।