ਪੰਜਾਬੀਆਂ ਦੀ ਵਧੇਰੇ ਵਸੋਂ ਵਾਲੇ ਸ਼ਹਿਰ ਸਰੀ ‘ਚ ਚਾਰ ਸਾਲ ਬਾਅਦ ਵਿਸਾਖੀ ਦਾ ਨਗਰ ਕੀਰਤਨ ਸਜਾਇਆ ਗਿਆ। ਖ਼ਰਾਬ ਮੌਸਮ ਦੇ ਬਾਵਜੂਦ ਇਸ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਕੀਤੀ। ਕੈਨੇਡਾ ਦੇ ਹੋਰ ਸੂਬਿਆਂ ਤੋਂ ਇਲਾਵਾ ਅਮਰੀਕਾ ਦੀ ਵੀ ਵੱਡੀ ਗਿਣਤੀ ਸੰਗਤ ਨੇ ਨਗਰ ਕੀਰਤਨ ‘ਚ ਹਾਜ਼ਰੀ ਭਰੀ। ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਹ ਨਗਰ ਕੀਰਤਨ ਪਿਛਲੇ 24 ਸਾਲਾਂ ਤੋਂ ਸਜਾਇਆ ਜਾਂਦਾ ਹੈ। ਗੁਰਦੁਆਰੇ ਤੋਂ ਰਵਾਨਗੀ ਮੌਕੇ ਕੈਨੇਡੀਅਨ ਫੌਜ ਦੀ ਟੁਕੜੀ ਨੇ ਹਥਿਆਰ ਉਲਟੇ ਕਰ ਕੇ ਸਲਾਮੀ ਦਿੱਤੀ। ਇਸ ਦੌਰਾਨ ਸੂਬਾ ਸਰਕਾਰ ਦੇ ਕਈ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਟੋਰੀ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਰਸਤੇ ‘ਚ ਸੰਗਤ ਵੱਲੋਂ ਥਾਂ-ਥਾਂ ‘ਤੇ ਲੰਗਰ ਲਾਏ ਗਏ ਸਨ। ਸਿਹਤ ਵਿਭਾਗ ਅਤੇ ਪੁਲੀਸ ਨੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਸਨ। ਨਗਰ ਕੀਰਤਨ ਵਾਲਾ ਰਸਤਾ ਸਵੇਰੇ ਤੋਂ ਸ਼ਾਮ ਤਕ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਗੱਤਕਾ ਪਾਰਟੀਆਂ ਨੇ ਕਲਾ ਦੇ ਜੌਹਰ ਦਿਖਾਏ ਅਤੇ ਸੁੰਦਰ ਦਸਤਾਰਾਂ ਸਜਾ ਕੇ ਪਹੁੰਚੇ ਮੋਟਰਸਾਈਕਲ ਕਲੱਬ ਵਾਲਿਆਂ ਨੇ ਲੋਕਾਂ ਦਾ ਮਨ ਮੋਹਿਆ। ਨਗਰ ਕੀਰਤਨ ‘ਚ ਇਸ ਵਾਰ ਗੈਰ-ਸਿੱਖ ਵੀ ਵੱਡੀ ਗਿਣਤੀ ‘ਚ ਸ਼ਾਮਲ ਹੋਏ। ਕੁਝ ਲੋਕਾਂ ਨੇ ਇੰਡੀਆ ‘ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਬੈਨਰ ਵੀ ਫੜੇ ਹੋਏ ਸਨ। ਚਾਰ ਸਾਲ ਬਾਅਦ ਸਜਾਏ ਗਏ ਨਗਰ ਕੀਰਤਨ ‘ਚ ਉਮੀਦ ਨਾਲੋਂ ਵੱਧ ਇਕੱਠ ਹੋਇਆ। ਇਸ ‘ਚ ਔਰਤਾਂ ਤੇ ਬੱਚਿਆਂ ਦੀ ਗਿਣਤੀ ਵੀ ਬਹੁਤ ਸੀ।