ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ ‘ਚ ਇਕ ਸੜਕ ਹਾਦਸੇ ‘ਚ 5 ਔਰਤਾਂ ਅਤੇ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੁਰੂਰ ਥਾਣਾ ਖੇਤਰ ਦੇ ਅਧੀਨ ਜਗਤਰਾ ਪਿੰਡ ਨੇੜੇ ਇਕ ਬੋਲੈਰੋ ਗੱਡੀ ਅਤੇ ਇਕ ਟਰੱਕ ਵਿਚਾਲੇ ਹੋਈ ਟੱਕਰ ‘ਚ ਬੋਲੈਰੋ ‘ਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ‘ਚ 5 ਔਰਤਾਂ ਅਤੇ 2 ਬੱਚੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਧਮਤਰੀ ਜ਼ਿਲ੍ਹੇ ਦੇ ਸੋਰਮ-ਭਟਗਾਓਂ ਦੇ ਕੁਝ ਲੋਕ ਬੁੱਧਵਾਰ ਦੇਰ ਰਾਤ ਇਕ ਬੋਲੈਰੋ ਗੱਡੀ ‘ਚ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਲਈ ਮਾਰਕਾਟੋਲਾ ਪਿੰਡ ਜਾ ਰਹੇ ਸਨ। ਅਧਿਕਾਰੀਆਂ ਮੁਤਾਬਕ ਜਦੋਂ ਉਹ ਜਗਤਰਾ ਪਿੰਡ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਬੱਚਾ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਬੱਚੇ ਨੂੰ ਹਸਪਤਾਲ ਪਹੁੰਚਾਇਆ। ਬੱਚੇ ਦੀ ਰਸਤੇ ‘ਚ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।