ਇਕ ਪੁਰਾਣੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਅਦਾਲਤ ‘ਚ ਪੇਸ਼ੀ ਭੁਗਤੀ। ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੀ ਪੇਸ਼ੀ ਭੁਗਤਣ ਵਾਲਿਆਂ ‘ਚ ਸ਼ਾਮਲ ਸਨ। ਪੇਸ਼ੀ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਾਇਆ ਹੈ ਕਿ ਉਹ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਾਰ ਵਾਰ ਹੋਏ ਧਮਾਕਿਆਂ ਨੂੰ ਰੋਕਣ ‘ਚ ਨਾਕਾਮ ਰਹੇ ਹਨ, ਇਸ ਕਰਕੇ ਨੈਤਿਕਤਾ ਦੇ ਆਧਾਰ ‘ਤੇ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬਣੇ ਰਹਿਣ ਦਾ ਹੁਣ ਕੋਈ ਅਧਿਕਾਰ ਨਹੀਂ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਕਰੋਨਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ‘ਚ ਇਕ ਕੇਸ ਦੀ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਹੋਣ ਲਈ ਪੁੱਜੇ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੌਕੇ ਦਾ ਜਾਇਜ਼ਾ ਲੈਣ ਲਈ ਇਥੇ ਆਉਣ ਦੀ ਥਾਂ ਆਪਣੀ ਸਾਖ ਸੁਧਾਰਨ ਦੀ ਮੁਹਿੰਮ ‘ਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਸਰਹੱਦਾਂ ‘ਤੇ ਅਪਰੇਸ਼ਨ ਤੇਜ਼ ਕਰਨ ਦੇ ਹੁਕਮ ਤਾਂ ਦਿੱਤੇ, ਪਰ ਅੰਮ੍ਰਿਤਸਰ ‘ਚ ਧਮਾਕੇ ਕਰਕੇ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤੇਜ਼ ਕਰਨ ਲਈ ਕੋਈ ਹਦਾਇਤ ਜਾਰੀ ਨਹੀਂ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰੀਆ ਦੁਨੀਆਂ ‘ਚ ਸਤਿਕਾਰਤ ਅਤੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਵੀ ਪੰਜਾਬ ‘ਚ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਵੀ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ ਤੇ ਬੰਬ ਧਮਾਕਾ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਜ਼ਿੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨੇ ਨਿਭਾਈ ਹੈ।