ਵਿਜੀਲੈਂਸ ਬਿਊਰੋ ਵੱਲੋਂ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਪਿਛਲੇ ਕੁਝ ਸਮੇਂ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਸੂਤਰਾਂ ਮੁਤਾਬਕ ਕਿੱਕੀ ਢਿੱਲੋਂ ਨੂੰ ਮੰਗਲਵਾਰ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾਇਆ ਸੀ, ਇਸ ਦੌਰਾਨ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ‘ਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਸੂਬੇ ‘ਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਦੇ ਵਿਧਾਇਕ ਹੁੰਦਿਆਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸੇ ਮਾਮਲੇ ‘ਚ ਹੁਣ ਵਿਜੀਲੈਂਸ ਵਿਭਾਗ ਵਲੋਂ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਦੀਆਂ ਕੁਝ ਜਾਇਦਾਦਾਂ ਦੀ ਪੈਮਾਇਸ਼ ਵੀ ਕੀਤੀ ਸੀ। ਕਿੱਕੀ ਢਿੱਲੋਂ ਤੋਂ ਪਹਿਲਾਂ ਵੀ ਕਈ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਜਾਂਚ ਤੇ ਪੁੱਛਗਿੱਛ ਕਰ ਚੁੱਕਾ ਹੈ।