ਪੰਜਾਬ ਕੈਬਨਿਟ ਦੀ ਲੁਧਿਆਣਾ ਤੋਂ ਬਾਅਦ ਅਗਲੀ ਮੀਟਿੰਗ ਐਤਕੀਂ ਜਲੰਧਰ ਵਿਖੇ ਹੋਈ। ਪੀ.ਏ.ਪੀ. ਕੈਂਪਸ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ‘ਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਗੋ-ਬਾਗ ਪੰਜਾਬ ਕੈਬਨਿਟ ਨੇ ਗਰਾਂਟ ਦੇ ਖੁੱਲ੍ਹੇ ਗੱਫੇ ਵੰਡਦਿਆਂ ਜਲੰਧਰ ਸ਼ਹਿਰ ਲਈ 95.16 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ। ਹੋਰਨਾਂ ਫੈਸਲਿਆਂ ‘ਚ ਆਬਕਾਰੀ ਵਿਭਾਗ ‘ਚ 17 ਆਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ ਪਟਵਾਰੀਆਂ ਦੀ ਸਿਖਲਾਈ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇਕ ਸਾਲ ਕਰ ਦਿੱਤਾ ਹੈ। ਕੈਬਨਿਟ ‘ਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜਲੰਧਰ ਦੇ ਲੋਕਾਂ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਭੇਜਿਆ ਹੈ, ਜਿਸ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿੰਕੂ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ‘ਆਪ’ ਸਰਕਾਰ ਜਲੰਧਰ ਦੇ ਲੋਕਾਂ ਨਾਲ ਕੀਤਾ ਪਹਿਲਾ ਵਾਅਦਾ ਪੂਰਾ ਕਰ ਰਹੀ ਹੈ। ਆਦਮਪੁਰ ਫਲਾਈ ਓਵਰ ਦੇ 6 ਸਾਲ ਤੋਂ ਰੁਕੇ ਕੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਜੰਡਿਆਲਾ ਤੋਂ ਗੁਰਾਇਆ ਜਾਣ ਵਾਲੀ 17 ਕਿਲੋਮੀਟਰ ਲੰਮੀ ਸੜਕ ਵੀ ਸਤੰਬਰ ਤੱਕ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਮਾਰਟ ਸਿਟੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਮਗਰੋਂ ‘ਸਰਕਾਰ ਆਪ ਕੇ ਦੁਆਰ’ ਪ੍ਰੋਗਰਾਮ ਤਹਿਤ ਨਿੱਜੀ ਹੋਟਲ ‘ਚ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਕੰਮ ਨਹੀਂ ਬਚਿਆ ਤੇ ਉਹ ਜਲੰਧਰ ਦੇ ਨਤੀਜੇ ਤੋਂ ਬਾਅਦ ਹੁਣ ਆਰਾਮ ਕਰਨ।