ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੁੜ ਚਰਚਾ ਛਿੜ ਪਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ ਮੰਗਣੀ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸਣੇ ਕੁਝ ਹੋਰਨਾਂ ਨੇ ਇਸ ਨੂੰ ਮੁੱਦਾ ਬਣਾਇਆ ਸੀ। ਉਸ ਤੋਂ ਬਾਅਦ ਕੁਝ ਦਿਨ ਵਿਵਾਦ ਠੰਢਾ ਪੈਂਦਾ ਨਜ਼ਰ ਆਉਣ ਮਗਰੋਂ ਇਕ ਵਾਰ ਫਿਰ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਚਰਚਾ ਛਿੜੀ ਹੈ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ‘ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਨਾਲ ਇਕ ਵਾਰ ਮੁੜ ਇਸ ਸਮਾਗਮ ‘ਚ ਜਥੇਦਾਰ ਦੀ ਸ਼ਮੂਲੀਅਤ ਨੂੰ ਲੈ ਕੇ ਸਵਾਲ ਉਠੇ ਹਨ ਅਤੇ ਮਾਮਲਾ ਭਖ਼ ਗਿਆ ਹੈ। ਵੱਡੀ ਗਿਣਤੀ ਲੋਕਾਂ ਵੱਲੋਂ ਇਨ੍ਹਾਂ ਤਸਵੀਰਾਂ ‘ਤੇ ਪ੍ਰਤੀਕਿਰਿਆਵਾਂ ਦਿੱਤੀਆਂ ਗਈਆਂ ਹਨ, ਪਰ ਹਾਲ ਦੀ ਘੜੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ‘ਚ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 13 ਮਈ ਨੂੰ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ‘ਚ ਇਹ ਸਮਾਗਮ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਇਆ ਗਿਆ ਸੀ ਜਿਸ ‘ਚ ਗੁਰਬਾਣੀ ਕੀਰਤਨ ਮਗਰੋਂ ਅਰਦਾਸ ਕਰਕੇ ਕੁੜਮਾਈ ਦੀ ਰਸਮ ਸ਼ੁਰੂ ਕੀਤੀ ਗਈ ਸੀ। ਇਸ ਸਮਾਗਮ ਦੀਆਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ‘ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ‘ਤੇ ਵੱਡੀ ਗਿਣਤੀ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਰਾਘਵ ਤੇ ਪਰਿਨੀਤੀ ਵੱਲੋਂ ਆਪਣੇ ਟਵੀਟਰ ਖਾਤਿਆਂ ‘ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚੋਂ ਇਕ ‘ਚ ਦੋਵੇਂ ਹੱਥ ਜੋੜ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਸਵਾਗਤ ਕਰ ਰਹੇ ਹਨ। ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਆਖਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਉਨ੍ਹਾਂ ਲਈ ਆਸ਼ੀਰਵਾਦ ਹੈ। ਸਮਾਗਮ ‘ਚ ਜਥੇਦਾਰ ਦੀ ਮੌਜੂਦਗੀ ਉਨ੍ਹਾਂ ਲਈ ਬਹੁਤ ਵੱਡੀ ਗੱਲ ਹੈ। ਇਕ ਤਸਵੀਰ ‘ਚ ਜਥੇਦਾਰ ਹਰਪ੍ਰੀਤ ਸਿੰਘ ਵੀ ਹੱਥ ਜੋੜ ਕੇ ਦੋਵਾਂ ਦਾ ਸਵਾਗਤ ਕਬੂਲ ਰਹੇ ਹਨ। ਇਕ ਹੋਰ ਤਸਵੀਰ ‘ਚ ਤਿੰਨੋਂ ਜਣੇ ਹੱਸਦੇ ਦਿਖਾਈ ਦੇ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਗਲੇ ਦਿਨਾਂ ‘ਚ ਮੀਟਿੰਗ ਹੋਣ ਜਾ ਰਹੀ ਹੈ ਜਿਸ ‘ਚ ਇਸ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।