ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਅਰਜ਼ੀਕਾਰਾਂ ਨੂੰ ਹੁਕਮ ਦਿੱਤੇ ਹਨ ਕਿ ਜੇਕਰ ਉਹ ਆਪਣੀ ਬੇਗੁਨਾਹੀ ਬਾਰੇ ਕੋਈ ਗੱਲ ਕਰਨੀ ਚਾਹੁੰਦੇ ਹਨ ਤਾਂ ਉਹ ਫਰੀਦਕੋਟ ਅਦਾਲਤ ’ਚ ਚੱਲ ਰਹੇ ਮੁਕੱਦਮੇ ’ਚ ਦੋਸ਼ ਆਇਦ ਹੋਣ ਸਮੇਂ ਹੋਣ ਵਾਲੀ ਬਹਿਸ ’ਚ ਇਸ ਦੀ ਜਾਣਕਾਰੀ ਦੇਣ। ਬਹਿਬਲ ਗੋਲੀ ਕਾਂਡ ਦੀ ਪਡ਼ਤਾਲ ਰਿਪੋਰਟ ਨੂੰ ਚੁਣੌਤੀ ਦੇਣ ਵਾਲੀਆਂ ਚਾਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤੇ ਗਏ। ਹਾਈ ਕੋਰਟ ਦੇ ਜਸਟਿਸ ਰਾਜ ਮੋਹਨ ਸਿੰਘ ਨੇ ਆਪਣੇ 28 ਪੰਨਿਆਂ ਦੇ ਫੈਸਲੇ ’ਚ ਬਹਿਬਲ ਗੋਲੀ ਕਾਂਡ ਦੀ ਪਡ਼ਤਾਲ ਕਰ ਰਹੀ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇਸ ਦੀ ਰਿਪੋਰਟ ਫ਼ਰੀਦਕੋਟ ਅਦਾਲਤ ’ਚ ਪੇਸ਼ ਕਰੇ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਪਡ਼ਤਾਲ ਕਰ ਰਹੇ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੀ ਪਡ਼ਤਾਲ ਰਿਪੋਰਟ ਤੁਰੰਤ ਅਦਾਲਤ ’ਚ ਪੇਸ਼ ਕਰਨ। ਸਾਬਕਾ ਡੀ.ਜੀ.ਪੀ. ਸੈਣੀ, ਆਈ.ਜੀ. ਉਮਰਾਨੰਗਲ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੇ ਬਹਿਬਲ ਗੋਲੀ ਕਾਂਡ ਦੀ ਪਡ਼ਤਾਲ ਨੂੰ ਗੈਰਕਾਨੂੰਨੀ ਅਤੇ ਪੱਖਪਾਤੀ ਦੱਸਦਿਆਂ ਇਹ ਰਿਪੋਰਟ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਬਹਿਬਲ ਗੋਲੀ ਕਾਂਡ ਦੀ ਪਡ਼ਤਾਲ ਸੀ.ਬੀ.ਆਈ. ਜਾਂ ਕਿਸੇ ਹੋਰ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਸੀ। ਹਾਲ ਦੀ ਘਡ਼ੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਹਿਬਲ ਕਾਂਡ ’ਚ ਨਾਮਜ਼ਦ ਮੁਲਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਹੈ।