ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਰਵੀਕਰਨ ਸਿੰਘ ਕਾਹਲੋਂ ਵੱਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਰਾਤ ਦੋ ਵਜੇ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਵਿਖੇ ਅਕਾਲ ਪੁਰਖ ਵੱਲੋਂ ਬਖ਼ਸ਼ੇ ਸੁਆਸ ਪੂਰੇ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਫਤਿਹਗਡ਼੍ਹ ਚੂਡ਼ੀਆਂ ਤੋਂ ਵਿਧਾਇਕ ਬਣਦੇ ਰਹੇ ਨਿਰਮਲ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੀ ਰੀਡ਼੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਘਾਗ ਸਿਆਸਤਦਾਨ ਸਨ। ਉਹ ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਵਿਧਾਨ ਸਭਾ ਪੰਜਾਬ ਦੇ ਸਪੀਕਰ ਰਹੇ। ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।