ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਤਿੰਨ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪੰਜਾਬ ਪੁਲੀਸ ਭਰਤੀ-2016 ਦੇ ਤਿੰਨ ਉਮੀਦਵਾਰਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਰਤ ਵਰਤ ’ਤੇ ਬੈਠੇ ਦੋ ਧਰਨਾਕਾਰੀਆਂ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਨ੍ਹਾਂ ਵਿੱਚੋਂ ਇੱਕ ਨੂੰ ਪਟਿਆਲਾ ਹਸਪਤਾਲ ਲਈ ਰੈਫ਼ਰ ਕੀਤਾ ਗਿਆ ਹੈ, ਜਦਕਿ ਇਕ ਉਮੀਦਵਾਰ ਸਥਾਨਕ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪੁਲੀਸ ਭਰਤੀ ਉਮੀਦਵਾਰ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ’ਚ ਇਕ ਦਰੱਖ਼ਤ ਨਾਲ ਆਪਣੀ ਪੱਗ ਨਾਲ ਫਾਹਾ ਲੈ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ, ਪਰ ਇਸ ਦਾ ਪਤਾ ਲੱਗਦੇ ਹੀ ਸਾਥੀ ਉਮੀਦਵਾਰਾਂ ਨੇ ਉਸ ਨੂੰ ਰੋਕ ਲਿਆ। ਇਸ ਘਟਨਾ ਤੋਂ ਕਰੀਬ ਅੱਧੇ ਘੰਟੇ ਬਾਅਦ ਇਕ ਹੋਰ ਉਮੀਦਵਾਰ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਕੈਂਪ ’ਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲੀਸ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਸੇ ਤਰ੍ਹਾਂ ਦੁਪਹਿਰ ਢਾਈ ਵਜੇ ਇਕ ਹੋਰ ਉਮੀਦਵਾਰ ਜਸਵਿੰਦਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਨੇ ਵੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਮਗਰੋਂ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਤੇ ਐੱਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਮਰਨ ਵਰਤ ’ਤੇ ਬੈਠੇ ਉਮੀਦਵਾਰ ਲਡ਼ਕੇ-ਲਡ਼ਕੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖ਼ੁਦਕੁਸ਼ੀ ਵਰਗਾ ਗੰਭੀਰ ਕਦਮ ਨਾ ਚੁੱਕਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਇਹ ਮਸਲਾ ਹੱਲ ਕਰਨ ਲਈ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸੰਘਰਸ਼ ਕਰ ਰਹੇ ਪੰਜਾਬ ਪੁਲੀਸ ਭਰਤੀ-2016 ਉਮੀਦਵਾਰਾਂ ਦੀ ਪੰਜ ਮੈਂਬਰੀ ਸੂਬਾ ਕਮੇਟੀ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਗੁਰਦੀਪ ਸਿੰਘ ਪਖਾਨੇ ਦਾ ਕਹਿ ਕੇ ਖੇਤ ਵੱਲ ਗਿਆ ਸੀ, ਜਿਸ ਮਗਰੋਂ ਉਸ ਨੇ ਫਾਹਾ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਗੁਰਦੀਪ ਨੇ ਇਸ ਮਗਰੋਂ ਬਿਜਲੀ ਦੀਆਂ ਤਾਰਾਂ ਨੂੰ ਵੀ ਹੱਥ ਪਾਉਣ ਦਾ ਯਤਨ ਕੀਤਾ ਪਰ ਉਸ ਨੂੰ ਅਜਿਹਾ ਕਰਨ ਤੋਂ ਰੋਕ ਲਿਆ ਗਿਆ। ਇਸ ਤੋਂ ਅੱਧੇ ਘੰਟੇ ਬਾਅਦ ਹੀ ਗੁਰਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਲਈ।