ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ‘ਚ ਆਇਆਂ ਪੰਜ ਮਹੀਨੇ ਹੋ ਗਏ ਹਨ ਅਤੇ ਇਸ ਦੇ ਪੰਜ ਮਹੀਨੇ ਪੂਰੇ ਹੋਣ ‘ਤੇ 5 ਮੰਤਰੀਆਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਰਿਪੋਰਟ ਕਾਰਡ ਪੇਸ਼ ਕੀਤਾ। ਸਰਕਾਰ ਦੇ ਪੰਜ ਵਜ਼ੀਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੰਜ ਮਹੀਨਿਆਂ ‘ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਲਈ 9 ਪ੍ਰਮੁੱਖ ਵਿਭਾਗਾਂ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ, ਸਿੱਖਿਆ, ਤਕਨੀਕੀ ਸਿੱਖਿਆ, ਗ੍ਰਹਿ ਮਾਮਲੇ, ਸਹਿਕਾਰਤਾ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਰੱਖੇ ਕੁੱਲ ਬਜਟ ਦਾ 35.06 ਫ਼ੀਸਦੀ ਹਿੱਸਾ 5 ਮਹੀਨਿਆਂ ਅੰਦਰ ਹੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਮੇਂ ਦੌਰਾਨ 12,339 ਕਰੋੜ ਕਰਜ਼ਾ ਵਾਪਸ ਕੀਤਾ ਹੈ ਜਦਕਿ ਇਸ ਸਮੇਂ ਦੌਰਾਨ 10729 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਲਈ 200 ਕਰੋੜ ਰੁਪਏ, ਪਨਸਪ ਨੂੰ 100 ਕਰੋੜ ਰੁਪਏ, ਮੂੰਗੀ ਦਾਲ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 66.56 ਕਰੋੜ ਰੁਪਏ ਤੇ ਬਿਜਲੀ ਸਬਸਿਡੀ ਲਈ 5341.34 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2022-23 ਦੌਰਾਨ ਜੀ.ਐੱਸ.ਟੀ. ਮਾਲੀਆ 24.15 ਵਧਿਆ ਹੈ ਤੇ ਅੱਗੇ ਤਿਉਹਾਰਾਂ ਦੇ ਸੀਜ਼ਨ ‘ਚ ਇਹ ਹੋਰ ਵਧੇਗਾ। ਖੇਤੀਬਾੜੀ, ਪੇਂਡੂ ਵਿਕਾਸ ਅਤੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਦਾ ਆਡਿਟ ਕਰਵਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਅਗਲੇ ਹਫ਼ਤੇ ਨਵੀਂ ਨੀਤੀ ਜਾਰੀ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਟਰੱਸਟ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਕਲੀ ਕੀਟਨਾਸ਼ਕਾਂ ਦੀ ਵਿਕਰੀ ਸੂਬੇ ‘ਚ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਧਾਲੀਵਾਲ ਨੇ ਦੱਸਿਆ ਕਿ ਹੁਣ ਤੱਕ 9053 ਏਕੜ ਨਾਜਾਇਜ਼ ਕਬਜ਼ੇ ਪੰਚਾਇਤੀ ਜ਼ਮੀਨਾਂ ਤੋਂ ਛੁਡਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 4500 ਕਰੋੜ ਰੁਪਏ ਖ਼ਰਚੇ ਜਾਣਗੇ ਅਤੇ ਪਸ਼ੂ ਮੰਡੀਆਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ‘ਚ ਜਲਦ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਚਲਾਈ ਜਾਵੇਗੀ ਤੇ ਸਕੂਲ ਸਿੱਖਿਆ ‘ਚ ਸੁਧਾਰ ਲਈ 19123 ਸਕੂਲਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ। ਪੰਜਾਬ ‘ਚ 100 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਪਹਿਲੀ ਵਾਰ ਕਰੱਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ‘ਚ ਤੇਜ਼ੀ ਲਿਆਂਦੀ ਗਈ ਹੈ ਤੇ ਇਹ ਪ੍ਰਾਜੈਕਟ ਅਗਲੇ ਡੇਢ ਸਾਲ ‘ਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਵੀ ਰੁਕੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ‘ਚ ਮੋਬਾਈਲ ਜੈਮਰ ਲਗਾਏ ਜਾਣ ਲਈ ਸਰਕਾਰੀ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ। ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜ ਮਹੀਨਿਆਂ ‘ਚ 1 ਜੁਲਾਈ, 2022 ਤੋਂ ਹਰ ਘਰ ‘ਚ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਮੇਂ ਇਨ੍ਹਾਂ ਮੰਤਰੀਆਂ ਨੇ ਔਖੇ ਸਵਾਲਾਂ ਤੋਂ ਟਾਲਾ ਵੱਟਿਆ। ਕੀ ‘ਆਪ’ ਵਿਧਾਇਕ ਤੇ ਵਜ਼ੀਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਭਰਤੀ ਕਰਾਉਣਗੇ ਅਤੇ ਕੀ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਾ ਕੇ ਲੋਕਾਂ ਅੱਗੇ ਆਦਰਸ਼ ਬਣਨਗੇ, ਦਾ ਜੁਆਬ ਦੇਣ ਲਈ ਇਕੱਲੇ ਸਿੱਖਿਆ ਮੰਤਰੀ ਬੈਂਸ ਨੇ ਥੋੜ੍ਹੀ ਰੁਚੀ ਦਿਖਾਉਣੀ ਚਾਹੀ ਪਰ ਮਗਰੋਂ ਸਾਰੇ ਵਜ਼ੀਰਾਂ ਨੇ ਟਾਲਾ ਹੀ ਵੱਟਿਆ। ਬਹਿਬਲ ਗੋਲੀ ਕਾਂਡ ‘ਚ ਨਿਆਂ ਨਾ ਦਿੱਤੇ ਜਾਣ ਤੇ ਮੁੜ ਧਰਨਾ ਸ਼ੁਰੂ ਹੋਣ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉੱਚ ਪੱਧਰੀ ਜਾਂਚ ਚੱਲ ਰਹੀ ਹੈ ਅਤੇ ਜਲਦੀ ਇਨਸਾਫ਼ ਦਿੱਤਾ ਜਾਵੇਗਾ।