ਵਿਵਾਦਾਂ ‘ਚ ਫਸੀ ਦਿੱਲੀ ਆਬਕਾਰੀ ਨੀਤੀ ‘ਚ ਸੀ.ਬੀ.ਆਈ. ਨੇ ਐੱਫ.ਆਈ.ਆਰ. ਦਰਜ ਕਰਨ ਮਗਰੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਣੇ 30 ਹੋਰਨਾਂ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕੇਂਦਰੀ ਜਾਂਚ ਏਜੰਸੀ ਨੇ ਆਈ.ਏ.ਐੱਸ. ਅਧਿਕਾਰੀ ਤੇ ਸਾਬਕਾ ਐਕਸਾਈਜ਼ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਦੇ ਘਰ ਦੀ ਵੀ ਫਰੋਲਾ-ਫਰਾਲੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸੀ.ਬੀ.ਆਈ. ਨੇ ਦਿੱਲੀ, ਗੁੜਗਓਂ, ਚੰਡੀਗੜ੍ਹ, ਮੁੰਬਈ, ਹੈਦਰਾਬਾਦ, ਲਖਨਊ ਤੇ ਬੰਗਲੂਰੂ ਸਣੇ 31 ਵੱਖ ਵੱਖ ਟਿਕਾਣਿਆਂ ‘ਤੇ ਛਾਪੇ ਮਾਰੇ। ਏਜੰਸੀ ਨੇ ਇਸ ਪੂਰੇ ਅਮਲ ਦੌਰਾਨ ਕਈ ਦਸਤਾਵੇਜ਼, ਆਰਟੀਕਲਜ਼, ਡਿਜੀਟਲ ਰਿਕਾਰਡ ਆਦਿ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਸੀ.ਬੀ.ਆਈ. ਦੀ ਟੀਮ ਸਿਸੋਦੀਆ ਦੇ ਘਰ 14 ਘੰਟੇ ਦੇ ਕਰੀਬ ਰਹੀ। ਸਿਸੋਦੀਆ ਨੇ ਦਾਅਵਾ ਕੀਤਾ ਕਿ ਸੀ.ਬੀ.ਆਈ. ਟੀਮ ਜਾਂਦੇ ਹੋਏ ਉਨ੍ਹਾਂ ਦਾ ਮੋਬਾਈਲ ਫੋਨ ਲੈ ਗਈ। ਸੀ.ਬੀ.ਆਈ. ਵੱਲੋਂ 17 ਅਗਸਤ ਨੂੰ ਦਰਜ ਐੱਫ.ਆਈ.ਆਰ. ‘ਚ ਸਿਸੋਦੀਆ ਸਣੇ 13 ਵਿਅਕਤੀਆਂ ਤੇ ਦੋ ਕੰਪਨੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਐੱਫ.ਆਈ.ਆਰ. ‘ਚ ਅਪਰਾਧਿਕ ਸਾਜ਼ਿਸ਼ ਨਾਲ ਜੁੜੀਆਂ ਆਈ.ਪੀ.ਸੀ. ਦੀਆਂ ਵੱਖ ਵੱਖ ਧਾਰਾਵਾਂ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਕਈ ਵਿਵਸਥਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਛਾਪੇਮਾਰੀ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਈ ਘੰਟਿਆਂ ਦੀ ਤਲਾਸ਼ੀ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਦਾ ਕੰਪਿਊਟਰ ਅਤੇ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਤੇ ਕੁਝ ਫਾਈਲਾਂ ਵੀ ਆਪਣੇ ਕਬਜ਼ੇ ‘ਚ ਲੈ ਲਈਆਂ। ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਸਿਸੋਦੀਆ ਨੇ ਪੱਤਰਕਾਰਾਂ ਨੂੰ ਕਿਹਾ, ‘ਸੀ.ਬੀ.ਆਈ. ਦੀ ਟੀਮ ਸਵੇਰੇ ਪਹੁੰਚੀ ਅਤੇ ਪੂਰੇ ਘਰ ਦੀ ਤਲਾਸ਼ੀ ਲਈ। ਮੈਂ ਤੇ ਮੇਰੇ ਪਰਿਵਾਰ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਨੇ ਮੇਰਾ ਕੰਪਿਊਟਰ ਅਤੇ ਮੋਬਾਈਲ ਜ਼ਬਤ ਕਰ ਲਿਆ। ਉਹ ਕੁਝ ਫਾਈਲਾਂ ਵੀ ਲੈ ਗਏ।’