ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਂਗਲੀਕਨ ਚਰਚ ਦੇ ਬਿਸ਼ਪ ਤੇ ਪਾਦਰੀਆਂ ਨੇ ਬੰਦ ਕਮਰਾ ਮੀਟਿੰਗ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬਾਨ ਨੇ ਧਰਮ ਪਰਿਵਰਤਨ ਦੇ ਮਾਮਲੇ ‘ਚ ਇਤਰਾਜ਼ ਜਤਾਇਆ। ਇਸ ਤੋਂ ਬਾਅਦ ਉਨ੍ਹਾਂ ਸਾਂਝੀ ਪ੍ਰੈੱਸ ਕਾਨਫ਼ਰੰਸ ਰਾਹੀਂ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਬਿਸ਼ਪ ਜੌਹਨ, ਭਾਰਤ ਦੀ ਸਕੱਤਰ ਸਿਸਟਰ ਮਧੂਲਿਕਾ ਜੋਇਸ, ਪੰਜਾਬ ਦੇ ਸਕੱਤਰ ਰੌਬਿਨ ਰਿਚਰਡ ਅਤੇ ਪ੍ਰਬੰਧਕੀ ਸਕੱਤਰ ਗੁਰਲਾਲ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਈਸਾਈ ਧਰਮ ਨੂੰ ਵਰਤ ਕੇ ਸਿੱਖਾਂ ਅਤੇ ਈਸਾਈਆਂ ‘ਚ ਪਾੜਾ ਪਾਉਣਾ ਚਾਹੁੰਦੇ ਹਨ ਜਿਸ ਸਬੰਧੀ ਕੇਂਦਰ ਸਰਕਾਰ ਅਤੇ ਥਾਣਿਆਂ ਵਿਚ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਜਬਰੀ ਧਰਮ ਪਰਿਵਰਤਨ ਦੇ ਖ਼ਿਲਾਫ਼ ਹਨ ਅਤੇ ਉਨ੍ਹਾਂ ਦਾ ਧਰਮ ਇਸ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਕਈ ਜਣੇ ਦੂਜਿਆਂ ਦੇ ਇਸ਼ਾਰੇ ‘ਤੇ ਅਜਿਹਾ ਕਰ ਰਹੇ ਹਨ ਜਿਨ੍ਹਾਂ ਨੂੰ ਬਾਹਰੋਂ ਫੰਡਿੰਗ ਹੁੰਦੀ ਹੈ ਜਿਸ ਦੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਈਸਾਈ ਭਾਈਚਾਰੇ ਵੱਲੋਂ ਖੋਲ੍ਹੇ ਗਏ ਹਸਪਤਾਲਾਂ ‘ਚ ਗ਼ਰੀਬ ਲੋਕਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਆਪਣੇ ਧਰਮ ‘ਚ ਲਿਆਉਣ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਰਮ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਪਿਛਲੇ ਦਿਨੀਂ ਕੁਝ ਸਿੱਖ ਪਰਿਵਾਰ ਈਸਾਈ ਧਰਮ ਤੋਂ ਮੁੜ ਕੇ ਦੁਬਾਰਾ ਸਿੱਖ ਧਰਮ ‘ਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੂੰ ਲਾਲਚ ਦੇਣ ਦੇ ਦੋਸ਼ ਲਗਾਉਣ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਈਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਬੰਧੀ ਸ਼ਿਕਾਇਤਾਂ ਆਈਆਂ ਸਨ ਕਿ ਸਰਹੱਦੀ ਇਲਾਕੇ ਖ਼ਾਸ ਕਰਕੇ ਅੰਮ੍ਰਿਤਸਰ ‘ਚ ਪਾਦਰੀਆਂ ਵੱਲੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਲਾਲਚ ਤੇ ਡਰਾਵੇ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਜਿਸ ਦੇ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੇਗ ਲੈਣ ਲਈ ਰੋਕਿਆ ਜਾ ਰਿਹਾ ਹੈ, ਸਕੂਲਾਂ ‘ਚ ਪੰਜਾਬੀ ਪੜ੍ਹਨ ‘ਤੇ ਪਾਬੰਦੀ ਲਗਾਈ ਜਾ ਰਹੀ ਹੈ, ਗੁਰੂ ਗ੍ਰੰਥ ਸਾਹਿਬ ਖਿਲਾਫ਼ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ ਅਤੇ ਗੁਟਕੇ, ਪੋਥੀਆਂ ਨੂੰ ਸ਼ੈਤਾਨ ਦੀਆਂ ਕਿਤਾਬਾਂ ਕਹਿ ਕੇ ਭੰਡਿਆ ਜਾ ਰਿਹਾ ਹੈ। ਈਸਾਈ ਭਾਈਚਾਰੇ ਦੇ ਮੁਖੀਆਂ ਨੇ ਗੱਲਬਾਤ ਮੰਨਿਆ ਕਿ ਕੁਝ ਲੋਕ ਪਾੜਾ ਪਾਉਣ ਦੀ ਕੋਸ਼ਿਸ਼ ‘ਚ ਹਨ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਵੀ ਧਰਮ ਪਰਿਵਰਤਨ ਦੇ ਮੁੱਦੇ ‘ਤੇ ਸੁਹਿਰਦ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰ ਕੇ ਜੇ ਅਜਿਹੇ ਕੰਮ ਪੰਜਾਬ ‘ਚ ਹੋਣਗੇ ਤਾਂ ਇਹ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਵੱਡੀ ਚੁਣੌਤੀ ਹੋਵੇਗੀ।