ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਨਜ਼ਰਬੰਦ ਕੀਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰਾਂ ਤੇ ਮੁਲਾਜ਼ਮਾਂ ਨੇ ਅੱਜ ਅੰਮ੍ਰਿਤਸਰ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਧਰਨੇ ਦਿੱਤੇ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਵੱਡੀ ਗਿਣਤੀ ‘ਚ ਇਕੱਤਰ ਮੈਂਬਰਾਂ ਤੇ ਮੁਲਾਜ਼ਮਾਂ ਨੇ ਕਾਲੇ ਚੋਲੇ ਪਾ ਕੇ ਅਤੇ ਖੁਦ ਨੂੰ ਸੰਗਲਾਂ ‘ਚ ਜਕੜ ਕੇ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਲੋਹੇ ਦੀਆਂ ਜ਼ੰਜੀਰਾਂ ਪਾਈਆਂ ਹੋਈਆਂ ਹਨ ਜੋ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਦਰਸਾਉਣ ਦਾ ਸੰਕੇਤ ਕਰਦੀਆਂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਮੈਂਬਰ ਤੇ ਕਰਮਚਾਰੀ ਗੁਰਦੁਆਰਾ ਸਾਰਾਗੜ੍ਹੀ ਨੇੜੇ ਇਕੱਠੇ ਹੋਏ ਜਿੱਥੋਂ ਉਹ ਮੋਟਰਸਾਈਕਲ, ਸਕੂਟਰਾਂ ‘ਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ। ਪ੍ਰਧਾਨ ਐਡਵੋਕੇਟ ਧਾਮੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਆਖਿਆ ਕਿ ਸਿੱਖ ਬੰਦੀਆਂ ਦੀ ਰਿਹਾਈ ਦੀ ਸਮੁੱਚੀ ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਵਾਲੇ ਬੰਦੀਆਂ ਨੂੰ ਹੋਰ ਕਈ ਥਾਵਾਂ ‘ਤੇ ਰਿਹਾਅ ਕੀਤਾ ਗਿਆ ਹੈ ਪਰ ਸਿੱਖ ਬੰਦੀਆਂ ਦੇ ਮਾਮਲੇ ‘ਚ ਵਿਤਕਰਾ ਕੀਤਾ ਜਾ ਰਿਹਾ ਹੈ। ਰੋਸ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਧਰਨੇ ‘ਚ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਭਾਈ ਰਾਮ ਸਿੰਘ, ਸਾਬਕਾ ਸਕੱਤਰ ਕੁਲਵੰਤ ਸਿੰਘ, ਜੋਗਿੰਦਰ ਸਿੰਘ ਅਦਲੀਵਾਲ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ ਆਦਿ ਸ਼ਾਮਲ ਹੋਏ।