ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਤੇ ਗੋਲੀ ਕਾਂਡ ਦੇ ਇਨਸਾਫ਼ ਲਈ ਸ਼ਹੀਦਾਂ ਦੇ ਵਾਰਸਾਂ ਵੱਲੋਂ ਬਹਿਬਲ ਕਲਾਂ ਵਿਖੇ ਲਗਾਏ ਗਏ ਇਨਸਾਫ਼ ਮੋਰਚੇ ‘ਚ ਸਿੱਖ ਜੱਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਨੂੰ 14 ਅਕਤੂਬਰ ਤਕ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ। ਮੋਰਚੇ ਦੌਰਾਨ ਸੁਖਰਾਜ ਸਿੰਘ ਨਿਆਮੀਵਾਲਾ, ਸਾਧੂ ਸਿੰਘ ਸਰਾਵਾਂ, ਐਡਵੋਕੇਟ ਹਰਪਾਲ ਸਿੰਘ ਖਾਰਾ, ਅੰਮ੍ਰਿਤਪਾਲ ਸਿੰਘ, ਬਾਬਾ ਰਾਜਾ ਰਾਜ ਸਿੰਘ, ਲਖਵੀਰ ਸਿੰਘ ਮਹਾਲਮ ਸਮੇਤ ਆਗੂਆਂ ਨੇ ਰੋਸ ਪ੍ਰਗਟਾਇਆ ਕਿ ਦੋ ਸਿੱਖ ਨੌਜਵਾਨਾਂ ਕਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਤੇ ਗੁਰਜੀਤ ਸਿੰਘ ਨੂੰ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਇਆਂ ਨੂੰ ਪੂਰੇ 7 ਸਾਲ ਹੋ ਜਾਣਗੇ, ਪੀੜਤ ਪਰਿਵਾਰਾਂ ਵੱਲੋਂ ਅਦਾਲਤੀ ਲੜਾਈ ਲੜੀ, ਜਾਂਚ ਕਮਿਸ਼ਨਾਂ ਅਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਹੋਇਆ, ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਦੀ ਸ਼ਨਾਖਤ ਹੋਈ, ਚੌਥਾ ਮੁੱਖ ਮੰਤਰੀ ਬਣ ਗਿਆ ਪਰ ਨਾ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਤੇ ਨਾ ਹੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ। ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਵੀ ਟਾਲ-ਮਟੋਲ ਦੀ ਨੀਤੀ ਅਪਣਾ ਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਨੂੰ ਗੁਮਰਾਹ ਕਰੇਗੀ ਤਾਂ ਉਸਦਾ ਹਸ਼ਰ ਵੀ ਅਕਾਲੀਆਂ ਤੇ ਕਾਂਗਰਸੀਆਂ ਦੀ ਤਰ੍ਹਾਂ ਹੋਵੇਗਾ।