ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਦੀ ਲੰਬੀ ਜੱਦੋ-ਜਹਿਦ ਤੇ ਕਈ ਸਾਲਾਂ ਦੀ ਕਾਨੂੰਨੀ ਲੜਾਈ ਲੜਨ ਕਰਕੇ ਦੋ ਸੰਵਿਧਾਨ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਕਸੂਤਾ ਫਸਿਆ ਨਜ਼ਰ ਆ ਰਿਹਾ ਹੈ। ਇਸੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਕੱਤਰ ਜਨਰਲ ਦਲਜੀਤ ਸਿੰਘ ਚੀਮਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦੋ ਸੰਵਿਧਾਨ ਰੱਖਣ ਦੇ ਮਾਮਲੇ ‘ਚ ਉਕਤ ਤਿੰਨਾਂ ਪ੍ਰਮੁੱਖ ਅਕਾਲੀ ਆਗੂਆਂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਕਾਲੀ ਆਗੂਆਂ ਨੇ ਸੁਪਰੀਮ ਕੋਰਟ ‘ਚ ਵੱਖ-ਵੱਖ ਵਿਸ਼ੇਸ਼ ਲੀਵ ਪਟੀਸ਼ਨ ਦਾਇਰ ਕਰਕੇ ਪੰਜਾਬ ਦੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਇਸ ਕੇਸ ‘ਤੇ ਵਿਚਾਰ ਕਰਨ ਦੀ ਮੰਗ ਕੀਤੀ ਹੈ। ਇਸ ਕੇਸ ਦੀ ਸੁਣਵਾਈ 22 ਸਤੰਬਰ ਨੂੰ ਨਿਰਧਾਰਤ ਕੀਤੀ ਗਈ ਹੈ। ਵਰਣਨਯੋਗ ਹੈ ਕਿ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਅਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਫ਼ਰਜ਼ੀ ਸੰਵਿਧਾਨ ਪੇਸ਼ ਕੀਤਾ ਗਿਆ ਹੈ ਜਿਸ ‘ਤੇ ਇਨ੍ਹਾਂ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਖ਼ਿਲਾਫ਼ ਧਾਰਾ 182, 193, 199, 200, 420, 465, 466, 467, 468, 471 ਤੇ 120-ਬੀ ਤਹਿਤ ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਦਰਜ ਕੀਤਾ ਗਿਆ ਸੀ। ਅਕਾਲੀ ਆਗੂਆਂ ਨੇ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।