ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਰੱਖੀ ਮੀਟਿੰਗ ‘ਚ ਲੁਧਿਆਣਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਉਦੋਂ ਕਸੂਤੀ ਸਥਿਤੀ ਬਣ ਗਈ ਜਦੋਂ ਟਕਸਾਲੀ ਅਕਾਲੀ ਪਰਿਵਾਰਾਂ ਨੇ ਉਨ੍ਹਾਂ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਅਕਾਲੀ ਦਲ ‘ਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਜਿਸ ਕਰਕੇ ਸੁਖਬੀਰ ਬਾਦਲ ਦੀ ਵੀ ਪਾਰਟੀ ਅੰਦਰ ਸੁਣਵਾਈ ਨਹੀਂ ਹੋ ਰਹੀ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਵੱਲੋਂ ਟਕਸਾਲੀ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਕਾਲੀ ਦਲ ‘ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਦਲ ਨੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕੀਤਾ ਹੈ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੰਪਲੈਕਸ ‘ਚ ਮੀਟਿੰਗ ਦੌਰਾਨ ਟਕਸਾਲੀ ਅਕਾਲੀ ਆਗੂ ਮਰਹੂਮ ਸੋਹਣ ਸਿੰਘ ਸਿੱਬਲ ਦੇ ਪੁੱਤਰ ਅਤੇ ਅਕਾਲੀ ਦਲ ਦੇ ਵਰਕਰ ਸ਼ਰਨਜੀਤ ਸਿੰਘ ਸਿੱਬਲ ਨੇ ਸੁਖਬੀਰ ਬਾਦਲ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ ਅਤੇ ਆਖਿਆ ਕਿ ਉਹ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਦਲ ਦੇ ਉਹ ਆਗੂ ਜ਼ਿੰਮੇਵਾਰ ਹਨ, ਜਿਨ੍ਹਾਂ ਵੱਲੋਂ ਟਕਸਾਲੀ ਅਕਾਲੀ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਚੀ-ਤੀਹ ਸਾਲਾਂ ਤੋਂ ਕਈ ਟਕਸਾਲੀ ਪਰਿਵਾਰ ਅਕਾਲੀ ਦਲ ਨਾਲ ਜੁੜ ਕੇ ਪੰਥ ਦੀ ਸੇਵਾ ਕਰ ਰਹੇ ਹਨ, ਪਰ ਕਿਸੇ ਵੀ ਆਗੂ ਨੇ ਕਦੇ ਟਕਸਾਲੀ ਪਰਿਵਾਰਾਂ ਨਾਲ ਸਬੰਧਤ ਵਰਕਰਾਂ ਦੇ ਕੰਮ ਦੀ ਕਦਰ ਨਹੀਂ ਕੀਤੀ। ਸੁਖਬੀਰ ਬਾਦਲ ਨੇ ਸਿੱਬਲ ਸਣੇ ਹੋਰਨਾਂ ਟਕਸਾਲੀ ਅਕਾਲੀ ਆਗੂਆਂ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਇਨ੍ਹਾਂ ਪਰਿਵਾਰਾਂ ਦੀ ਪੂਰੀ ਸਾਰ ਲਵੇਗਾ ਤੇ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ‘ਚ ਵੀ ਇਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਵਿਸਾਰ ਦਿੱਤੇ ਹਨ ਤੇ ਸਾਰੀ ਸਰਕਾਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮਰਜ਼ੀ ਅਨੁਸਾਰ ਕੰਮ ਕਰ ਰਹੀ ਹੈ।