ਤਰਨ ਤਾਰਨ ਪੁਲੀਸ ਵੱਲੋਂ ਲੱਖਾ ਸਿਧਾਣਾ ਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਹੇਠ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਹਰੀਕੇ ਵਿਖੇ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਜਿਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ‘ਚ ਵੱਡੀ ਗਿਣਤੀ ‘ਚ ਫਿਰੌਤੀ ਮੰਗਣ ਅਤੇ ਪਾਕਿਸਤਾਨੀ ਸਮੱਗਲਰਾਂ ਪਾਸੋਂ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਉਣ ਤਹਿਤ ਪਰਚੇ ਦਰਜ ਹਨ ਅਤੇ ਲੱਖਾ ਸਿਧਾਣਾ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਫਿਰੌਤੀ ਮੰਗਣ ਅਤੇ ਡਰੋਨ ਦੀ ਮਦਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਜੁਰਮ ਹੇਠ ਮਾਮਲਾ ਦਰਜ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਦਰਜ ਕੀਤੇ ਗਏ ਇਸ ਪਰਚੇ ਦੀ ਕਿਸੇ ਨੂੰ ਭਿਣਕ ਤੱਕ ਨਹੀਂ ਲੱਗਣ ਦਿੱਤੀ ਗਈ। ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਬੀਤੀ ਦੋ ਸਤੰਬਰ ਨੂੰ ਪਰਚਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਪੁਲੀਸ ਨੇ ਲਖਬੀਰ ਸਿੰਘ ਲੰਡਾ ਤੇ ਲੱਖਾ ਸਿਧਾਣਾ ਤੋਂ ਇਲਾਵਾ ਨਛੱਤਰ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਅਨਮੋਲ ਸੋਨੀ, ਚੜ੍ਹਤ ਸਿੰਘ, ਗੁਰਜੰਟ ਸਿੰਘ, ਮਹਾਵੀਰ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਜਦੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕੋਈ ਵੀ ਜਵਾਬ ਨਹੀਂ ਦਿੱਤਾ ਤੇ ਹੋਰ ਵੀ ਕੋਈ ਪੁਲੀਸ ਅਧਿਕਾਰੀ ਇਸ ਮਾਮਲੇ ‘ਚ ਫਿਲਹਾਲ ਮੂੰਹ ਨਹੀਂ ਖੋਲ੍ਹ ਰਿਹਾ ਹੈ।