ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਤਹੱਈਆ ਕਰਕੇ ਤੁਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਖੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨਾਲ ਮੁਲਾਕਾਤ ਕੀਤਾ ਅਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖ਼ਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪਰਾਲੀ ਦੇ ਮੁੱਦੇ ‘ਤੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪਰਾਲੀ ਸਾੜਣ ਦੇ ਮੁੱਦੇ ‘ਤੇ ਸਿਆਸਤ ਕਰ ਰਹੀ ਹੈ ਪਰ ਗੱਲ ਤਾਂ ਇਹ ਹੈ ਕਿ ਹਰਿਆਣਾ ਦੇ ਕਈ ਸ਼ਹਿਰਾਂ ਦਾ ੳਥੀ ਸਭ ਤੋਂ ਵੱਧ ਹੈ। ਮਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਕਿਹਾ ਕਿ ਜਦੋਂ ਸੈਂਟਰ ਸਰਕਾਰ ਨੇ ਕਿਸੇ ਮੁੱਦੇ ਤੋਂ ਪਿੱਛਾ ਛੁਡਵਾਉਣਾ ਹੁੰਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਇਹ ਸੂਬਾ ਸਰਕਾਰ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦਾ ਕਿਉਂਕਿ ਇਹ ਜ਼ਹਿਰੀਲਾ ਧੂੰਆ ਕਿਸੇ ਨੂੰ ਨਹੀਂ ਬਖ਼ਸ਼ਦਾ। ਇਸ ਲਈ ਕੇਂਦਰ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਪੰਜਾਬ ਦਾ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਦਾ ਮੁੱਦਾ ਹੈ। ਮਾਨ ਨੇ ਕਿਹਾ ਕਿ ਇਸ ‘ਚ ਨਾਂ ਤਾਂ ਪੰਜਾਬ ਦੇ ਲੋਕਾਂ ਦਾ ਕਸੂਰ ਅਤੇ ਨਾਂ ਹੀ ਹਰਿਆਣਾ ਦੇ ਲੋਕਾਂ ਦਾ। ਮਾਨ ਨੇ ਕਿਹਾ ਕਿ ਇਹ ਸਿਰਫ਼ ਸੂਬਾ ਸਰਕਾਰਾਂ ਦਾ ਹੀ ਮੁੱਦਾ ਨਹੀਂ ਹੈ ਸਗੋਂ ਕੇਂਦਰ ਸਰਕਾਰ ਦਾ ਵੀ ਮੁੱਦਾ ਹੈ ਪਰ ਕੇਂਦਰ ਸਰਕਾਰ ਇਹ ਮੰਨਣ ਨੂੰ ਤਿਆਰ ਨਹੀਂ। ਮੁੱਖ ਮੰਤਰੀ ਨੇ ਤਹਿਸੀਲਦਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਤੇ ਤਹਿਸੀਲ ਦਫ਼ਤਰਾਂ ਦੇ ਹੋਰ ਕੰਮਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆਉਣ ‘ਤੇ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ।