ਮੁਅੱਤਲ ਕਰਨ ਅਤੇ ਸਪੱਸ਼ਟੀਕਰਨ ਲਈ ਤਲਬ ਕਰਨ ਤੋਂ ਬਾਅਦ ਵੀ ਬੀਬੀ ਜਗੀਰ ਕੌਰ ਦੇ ਬਾਗ਼ੀ ਤੇਵਰ ਕਾਇਮ ਰਹਿਣ ਅਤੇ ਉਲਟਾ ਚੁਣੌਤੀ ਦੇਣ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਵੱਲੋਂ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ। ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਅਨੁਸ਼ਾਸਨੀ ਕਮੇਟੀ ਦੇ ਮੁਖੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਸਾਰੀਆਂ ਸੇਵਾਵਾਂ ਪਾਰਟੀ ‘ਚੋਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀਬੀ ਜਗੀਰ ਕੌਰ ਨਾਲ ਕਿਸੇ ਤਰ੍ਹਾਂ ਦੀ ਨੇੜਤਾ ਰੱਖਣ ਦੀ ਕੋਸ਼ਿਸ਼ ਨਾ ਕਰਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਮੇਂ ਦੇ ਮੁਤਾਬਕ ਪਾਰਟੀ ਦੇ ਸਾਰੇ ਵੱਡੇ ਅਹੁਦੇ ਦਿੱਤੇ ਗਏ ਅਤੇ ਇਸਤਰੀ ਅਕਾਲੀ ਦਲ ਵਿੰਗ ਦੀ ਪ੍ਰਧਾਨ ਵੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਬੀਤੇ 3 ਮਹੀਨਿਆਂ ਤੋਂ ਬੀਬੀ ਜਗੀਰ ਕੌਰ ਪਾਰਟੀ ਦੇ ਮੈਂਬਰਾਂ ਦਾ ਵਿਸ਼ਵਾਸ ਜਿੱਤਣ ‘ਚ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਤੋਂ ਬਾਗੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜ ਰਹੇ ਸਨ। ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀਆਂ ਅਜਿਹੀਆਂ ਗੱਲਾਂ ਕਾਰਨ ਉਨ੍ਹਾਂ ਨੂੰ ਪਾਰਟੀ ‘ਚੋਂ ਮੁਅੱਤਲ ਕਰਨਾ ਪਿਆ ਅਤੇ ਉਨ੍ਹਾਂ ਨੂੰ 48 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ। ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਵੱਲੋਂ ਪਾਰਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਸੀ ਪਰ ਬੀਬੀ ਜਗੀਰ ਕੌਰ ਨਹੀਂ ਆਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫ਼ੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ‘ਤੇ ਅੜੇ ਹੋਏ ਸਨ, ਜਿਸ ਤੋਂ ਬਾਅਦ ਪਾਰਟੀ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ। ਓਧਰ ਅਕਾਲੀ ਦਲ ਦੇ ਇਸ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਪਹਿਲੀ ਪ੍ਰਤੀਕਿਰਿਆ ਇਹ ਆਈ ਕਿ ਅਕਾਲੀ ਦਲ ਹੀ ਭੰਗ ਹੈ ਤਾਂ ਕੋਈ ਚਾਰ ਬੰਦੇ ਕਿਵੇਂ ਉਨ੍ਹਾਂ ਨੂੰ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਅਕਾਲੀ ਆਗੂਆਂ ਦੀ ‘ਛੁੱਟੀ’ ਕਰ ਚੁੱਕੇ ਹਨ। ਉਨ੍ਹਾਂ ਨਾਲ ਹੀ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹਿਣ ਦੀ ਗੱਲ ਵੀ ਆਖੀ।