ਨਕੋਦਰ ‘ਚ ਪਿਛਲੇ ਦਿਨੀਂ ਗੈਂਗਸਟਰਾਂ ਵੱਲੋਂ ਕਤਲ ਕੀਤੇ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਨਾਲ ਮਾਰੇ ਗਏ ਗੰਨਮੈਨ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪੁੱਜੇ। ਇਸ ਸਮੇਂ ਬਾਜਵਾ ਨੇ ਪੰਜਾਬ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਨਕੋਦਰ ਅਤੇ ਪਿੰਡ ਕੋਟਲੀ ਗਾਜ਼ਾਰਾਂ ‘ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਸਮੇਂ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਅਤੇ ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਲੰਘੇ ਬੁੱਧਵਾਰ ਨਕੋਦਰ ਦੇ ਮੇਨ ਬਜ਼ਾਰ ‘ਚ ਟਿੰਮੀ ਚਾਵਲਾ ਅਤੇ ਮਨਦੀਪ ਸਿੰਘ ਨੂੰ ਚਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਾਜਵਾ ਨੇ ਇਸ ਮਾਮਲੇ ‘ਚ ਜਲਦੀ ਨਿਆਂ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਘੱਟੋ-ਘੱਟ ਇਕ ਮੈਂਬਰ ਨੂੰ ਨੌਕਰੀ ਦੇਵੇ। ਉਨ੍ਹਾਂ ਕਿਹਾ ਕਿ ਦੋਵੇਂ ਮ੍ਰਿਤਕਾਂ ਦੇ ਬੱਚੇ ਛੋਟੇ ਹਨ। ਇਨ੍ਹਾਂ ਬੱਚਿਆਂ ਉੱਪਰੋਂ ਪਿਤਾ ਦਾ ਹੱਥ ਉੱਠ ਗਿਆ ਹੈ ਜਿਸ ਦੀ ਉਨ੍ਹਾਂ ਨੂੰ ਸਖਤ ਲੋੜ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਨੌਕਰੀਆਂ ਦੇਣੀ ਚਾਹੀਦੀਆਂ ਹਨ। ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਦੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਸੂਬੇ ‘ਚ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਹੋ ਰਹੇ ਕਤਲਾਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਡੂੰਘੀ ਨੀਂਦ ‘ਚ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਗੁਜਰਾਤ ਅਤੇ ਹਿਮਾਚਲ ਚੋਣਾਂ ਤੋਂ ਵਿਹਲੀ ਹੋ ਚੁੱਕੀ ਹੈ ਅਤੇ ਫੌਰੀ ਸੂਬੇ ਦੀ ਅਮਨ ਕਾਨੂੰਨ ਦੀ ਸਥਿਤ ਸੁਧਾਰਨ ਵੱਲ ਧਿਆਨ ਦੇਵੇ।